ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਮਾਰਚ
ਦਿੱਲੀ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਾਲਿਸਤਾਨੀ ਵੱਖਵਾਦੀਆਂ ਨਾਲ ਸਬੰਧ ਹੋਣ ਦੇ ਦੋਸ਼ ਵਿੱਚ ਉੱਚ ਪੱਧਰੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ ਕਰਨ ਤੋਂ ਤੁਰੰਤ ਬਾਅਦ, ‘ਆਪ’ ਸੁਪਰੀਮੋ ਕੇਜਰੀਵਾਲ ਨੇ ਕਿਹਾ ਕਿ ਅਦਾਲਤ ਦਾ ਫੈਸਲਾ ਉਨ੍ਹਾਂ ਨੂੰ ‘ਅਤਿਵਾਦੀ’ ਕਹਿਣ ਵਾਲਿਆਂ ਲਈ ਜਵਾਬ ਹੈ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਪਟੀਸ਼ਨ ਨੂੰ ‘ਪੂਰੀ ਤਰ੍ਹਾਂ ਫਜ਼ੂਲ’ ਕਰਾਰ ਦਿੱਤਾ ਤੇ ਕਾਂਗਰਸ ਨੇਤਾ ਜਗਦੀਸ਼ ਸ਼ਰਮਾ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪਟੀਸ਼ਨ ਵਿੱਚ ਦੋਸ਼ਾਂ ਦੀ ਜਾਂਚ ਦੀ ਮੰਗ ਕੀਤੀ ਗਈ ਸੀ ਕਿ ‘ਆਪ’ ਤੇ ਕੇਜਰੀਵਾਲ ਦੇ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਤੇ ਹੋਰਾਂ ਨਾਲ ਸਬੰਧ ਹਨ। ਖਾਲਿਸਤਾਨੀ ਤਾਕਤਾਂ ਨੇ ਪੰਜਾਬ ਵਿੱਚ ਚੋਣਾਂ ਲੜਨ ਲਈ ਉਨ੍ਹਾਂ ਤੋਂ ਫੰਡ ਲਏ ਹਨ। ਅਦਾਲਤ ਦੇ ਹੁਕਮਾਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਜਰੀਵਾਲ ਨੇ ਹਿੰਦੀ ਵਿੱਚ ਇਕ ਟਵੀਟ ਵਿੱਚ ਕਿਹਾ, ‘ਪਹਿਲਾਂ ਜਨਤਾ ਨੇ ਮੈਨੂੰ ਅਤਿਵਾਦੀ ਕਹਿਣ ਵਾਲਿਆਂ ਨੂੰ ਜਵਾਬ (ਚੋਣਾਂ ਵਿੱਚ) ਦਿੱਤਾ ਅਤੇ ਅੱਜ ਅਦਾਲਤ ਨੇ ਉਨ੍ਹਾਂ ਨੂੰ ਜਵਾਬ ਦਿੱਤਾ ਹੈ।’ ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਨਵੀਨ ਚਾਵਲਾ ਦੇ ਬੈਂਚ ਨੇ ਪਟੀਸ਼ਨਕਰਤਾ ਦੇ ਵਕੀਲ ਨੂੰ ਅਜਿਹੀਆਂ ਬੇਤੁਕੀ ਪਟੀਸ਼ਨਾਂ ਦਾਇਰ ਨਾ ਕਰਨ ਲਈ ਵੀ ਕਿਹਾ ਹੈ। ਇਸ ਪਟੀਸ਼ਨ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਿਖੇ ਪੱਤਰ ਤੇ ‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਬਿਆਨ ਦਾ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨ ‘ਚ ‘ਆਪ’ ਦੀ ਮਾਨਤਾ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰਨ ਤੇ ਜਾਂਚ ਪੂਰੀ ਹੋਣ ਤੱਕ ਪਾਰਟੀ ‘ਤੇ ਕੋਈ ਵੀ ਚੋਣ ਲੜਨ ‘ਤੇ ਰੋਕ ਲਗਾਉਣ ਦੀ ਵੀ ਮੰਗ ਕੀਤੀ ਗਈ ਸੀ।