ਸ਼ਹੀਦੀ ਦਿਹਾੜੇ ਦੇ ਵੱਖ-ਵੱਖ ਸਮਾਗਮ ਕਰਵਾਉਣ ਦੀ ਆਲੋਚਨਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖਰੇ ਤੌਰ ’ਤੇ ਸਮਾਗਮ ਕਰਨ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮਾਂ ਨੂੰ ਸਮਰਥਨ ਦੇਣ ਦੇ ਮੱਦੇਨਜ਼ਰ ਸਿੱਖਾਂ ਦੀ ਇਸ ਵੱਡੀ ਸੰਸਥਾ ਬਾਰੇ ਸਵਾਲ ਖੜ੍ਹੇ ਹੋਣ ਲੱਗੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖਰੇ ਤੌਰ ’ਤੇ ਸਮਾਗਮ ਕਰਨ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮਾਂ ਨੂੰ ਸਮਰਥਨ ਦੇਣ ਦੇ ਮੱਦੇਨਜ਼ਰ ਸਿੱਖਾਂ ਦੀ ਇਸ ਵੱਡੀ ਸੰਸਥਾ ਬਾਰੇ ਸਵਾਲ ਖੜ੍ਹੇ ਹੋਣ ਲੱਗੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸ਼ਹੀਦੀ ਸਮਾਗਮਾਂ ਵਿੱਚ ਵੰਡ ਦੀਆਂ ਕੋਸ਼ਿਸ਼ਾਂ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਾਲ ਦੇ ਸ਼ੁਰੂ ਤੋਂ ਹੀ ਦੇਸ਼-ਵਿਆਪੀ ਧਾਰਮਿਕ ਸਮਾਗਮਾਂ ਦੀ ਲੜੀ ਚਲਾਈ ਗਈ ਹੈ, ਜੋ ਨਵੰਬਰ 2025 ਤੱਕ ਜਾਰੀ ਰਹੇਗੀ ਪਰ ਇਹ ਦੁੱਖ ਦੀ ਗੱਲ ਹੈ ਕਿ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਵਿੱਚ ਵੱਖਰੇ ਤੌਰ ’ਤੇ ਪ੍ਰੋਗਰਾਮ ਕਰਨਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਹਫ਼ਤੇ ਤੋਂ ਹੀ ਦਿੱਲੀ ਵਿੱਚ ਨਗਰ ਕੀਰਤਨ ਅਤੇ ਹੋਰ ਪ੍ਰੋਗਰਾਮਾਂ ਬਾਰੇ ਇਸ਼ਤਿਹਾਰ ਜਾਰੀ ਹੋ ਰਹੇ ਹਨ। ਜਿਵੇਂ ਕਿ 24 ਅਕਤੂਬਰ ਨੂੰ ਗੁਰਦੁਆਰਾ ਨਾਨਕ ਪਿਆਓ ਸਾਹਿਬ ਅਤੇ 25 ਅਕਤੂਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਹੋਣ ਵਾਲੇ ਸਮਾਗਮਾਂ ਬਾਰੇ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਸਮਾਗਮ ਦੇ ਪ੍ਰਬੰਧਕਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਸੇ ਤਰ੍ਹਾਂ ਦੀ ਅਧਿਕਾਰਕ ਸੂਚਨਾ, ਰਹਿਣ-ਸਹਿਣ ਜਾਂ ਪ੍ਰਬੰਧਕੀ ਸਹਿਯੋਗ ਦੀ ਬੇਨਤੀ ਹਾਲ ਹੀ ਵਿੱਚ ਹੀ ਮਿਲੀ ਹੈ। ਸ੍ਰੀ ਕਾਲਕਾ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਸੰਪਰਕ ਕੀਤਾ, ਜਿਨ੍ਹਾਂ ਨੇ ਬਾਅਦ ਵਿੱਚ ਸਾਰੇ ਪ੍ਰਬੰਧਾਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਹਿਯੋਗੀ ਭੂਮਿਕਾ ਦੀ ਸ਼ਲਾਘਾ ਕੀਤੀ।