ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਨਵੰਬਰ
ਮਾਣਹਾਨੀ ਦੇ ਇੱਕ ਕੇਸ ਵਿੱਚ ਦਿੱਲੀ ਦੀ ਅਦਾਲਤ ਨੇ ਭਾਜਪਾ ਨੇਤਾਵਾਂ ਵਜਿੰਦਰ ਗੁਪਤਾ, ਕਪਿਲ ਮਿਸ਼ਰਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਨੋਟਿਸ ਦਾਇਰ ਕਰਨ ਦਾ ਆਦੇਸ਼ ਦਿੱਤਾ ਹੈ। ਤਿੰਨੋਂ ਨੇਤਾਵਾਂ ਖਿਲਾਫ ਮਾਣਹਾਨੀ ਦਾ ਕੇਸ ਚੱਲੇਗਾ। ਅਦਾਲਤ ਨੇ ਇਹ ਹੁਕਮ ਦਿੱਲੀ ਸਰਕਾਰ ਦੇ ਵਾਤਾਵਰਣ ਮੰਤਰੀ ਇਮਰਾਨ ਹੁਸੈਨ ਵੱਲੋਂ ਦਾਇਰ ਸ਼ਿਕਾਇਤ ’ਤੇ ਦਿੱਤਾ ਹੈ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਹਰਵਿੰਦਰ ਸਿੰਘ ਨੇ ਇਹ ਆਦੇਸ਼ ਦਿੱਤਾ ਕਿ ਮੁਲਜ਼ਮਾਂ ਨੂੰ ਇਸ ਕੇਸ ਵਿੱਚ ਛੁੱਟੀ ਦਿੱਤੇ ਜਾਣ ਦੀ ਮੰਗ ਨੂੰ ਰੱਦ ਕਰ ਦਿੱਤਾ। ਜੱਜ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਪਹਿਲੇ ਪੱਖ ਵਿੱਚ ਕਾਫ਼ੀ ਸਬੂਤ ਹਨ। ਕੇਸ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਅਦਾਲਤ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 500 (ਮਾਣਹਾਨੀ) ਤੇ ਧਾਰਾ 34 ਤਹਿਤ ਕੇਸ ਚਲਾਉਣ ਦੀ ਲੋੜ ਹੈ। ਅਦਾਲਤ ਨੇ ਅਗਲੀ ਸੁਣਵਾਈ ’ਤੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਆਦੇਸ਼ ਦਿੱਤਾ। ਸ਼ਿਕਾਇਤ ਅਨੁਸਾਰ ਮੁਲਜ਼ਮ ਨੇਤਾਵਾਂ ਨੇ ਦਾਅਵਾ ਕੀਤਾ ਸੀ ਕਿ ਹੁਸੈਨ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀ ਤੇ ਉਨ੍ਹਾਂ ਨੇ 23 ਕਰੋੜ ਰੁਪਏ ਲੈ ਕੇ ਦਿੱਲੀ ਵਿੱਚ ਦਰੱਖਤ ਕੱਟਣ ਦੀ ਆਗਿਆ ਦਿੱਤੀ ਸੀ। ਹੁਸੈਨ ਨੇ ਦਾਅਵਾ ਕੀਤਾ ਹੈ ਕਿ ਅਜਿਹੀਆਂ ਟਿੱਪਣੀਆਂ ਨਾਲ ਸਮਾਜ ਵਿਚ ਉਸ ਦੀ ਸਾਖ਼ ਨੂੰ ਠੇਸ ਪਹੁੰਚੀ ਹੈ।