ਦਿੱਲੀ ACB ਵੱਲੋਂ ‘ਆਪ’ ਦੇ ਸਾਬਕਾ ਮੰਤਰੀਆਂ ਸਤੇਂਦਰ ਜੈਨ ਤੇ ਸੌਰਭ ਭਾਰਦਵਾਜ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ
ਨਵੀਂ ਦਿੱਲੀ, 26 ਜੂਨ
ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (Anti-Corruption Branch - ACB) ਨੇ ਪਿਛਲੀ ‘ਆਪ’ ਸਰਕਾਰ ਦੇ ਸਿਹਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਸਾਬਕਾ AAP ਮੰਤਰੀਆਂ ਸੌਰਭ ਭਾਰਦਵਾਜ ਅਤੇ ਸਤੇਂਦਰ ਜੈਨ ਵਿਰੁੱਧ ਕੇਸ ਦਰਜ ਕੀਤਾ ਹੈ।
ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦਿੱਲੀ ਦੇ ਸਾਬਕਾ ਸਿਹਤ ਮੰਤਰੀਆਂ ਭਾਰਦਵਾਜ ਅਤੇ ਜੈਨ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ACB ਵੱਲੋਂ ਜਾਂਚ ਕਰਨ ਦੀ ਪ੍ਰਵਾਨਗੀ ਦੇਣ ਤੋਂ ਕੁਝ ਦਿਨ ਬਾਅਦ ਦਰਜ ਕੀਤਾ ਗਿਆ ਹੈ। ‘ਆਪ’ ਵੱਲੋਂ ਕੋਈ ਤੁਰੰਤ ਇਸ ’ਤੇ ਪ੍ਰਤੀਕਿਰਿਆ ਨਹੀਂ ਆਈ।
ਇਸ ਮਾਮਲੇ ਵਿੱਚ ਸ਼ਿਕਾਇਤ ਭਾਜਪਾ ਨੇਤਾ ਵਿਜੇਂਦਰ ਗੁਪਤਾ ਨੇ ਪਿਛਲੇ ਸਾਲ ਦਰਜ ਕੀਤੀ ਸੀ। ਅਧਿਕਾਰੀਆਂ ਦੇ ਅਨੁਸਾਰ - 24 ਹਸਪਤਾਲ ਪ੍ਰੋਜੈਕਟ - 11 ਗ੍ਰੀਨਫੀਲਡ ਅਤੇ 13 ਬ੍ਰਾਊਨਫੀਲਡ - 2018-19 ਵਿੱਚ 5,590 ਕਰੋੜ ਰੁਪਏ ਦੀ ਲਾਗਤ ਨਾਲ ਮਨਜ਼ੂਰ ਕੀਤੇ ਗਏ ਸਨ।
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਅਣਦੱਸੇ ਕਾਰਨਾਂ ਕਰ ਕੇ ਲੇਟ ਹੋਏ ਤੇ ਇਨ੍ਹਾਂ ਦੀ ਲਾਗਤ ਵਿਚ ਵੀ ਭਾਰੀ ਵਾਧਾ ਹੋ ਗਿਆ ਸੀ। ਇਹ ਕੇਸ ਸਮਰੱਥ ਅਧਿਕਾਰੀ ਤੋਂ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੀ ਧਾਰਾ 17ਏ ਤਹਿਤ ਪ੍ਰਵਾਨਗੀ ਮਿਲਣ ਤੋਂ ਬਾਅਦ ਦਰਜ ਕੀਤਾ ਗਿਆ ਸੀ। -ਪੀਟੀਆਈ