DELHI CM ਨੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ
ਸ਼ਹਿਰ ਦਾ ਬੁਨਿਆਦੀ ਢਾਂਚੇ ਮਜ਼ਬੂਤ ਕਰ ਰਹੀ ਹੈ ਦਿੱਲੀ ਸਰਕਾਰ: ਰੇਖਾ ਗੁਪਤਾ
ਦਿੱਲੀ ਸਰਕਾਰ ਵੱਲੋਂ ਚੋਣ ਵਾਅਦਿਆਂ ਅਨੁਸਾਰ ਕੱਚੀਆਂ ਕਲੋਨੀਆਂ ਦਾ ਵਿਕਾਸ ਕਰਨ ਲਈ ਮੁਹਿੰਮ ਤੇਜ਼ ਕੀਤੀ ਗਈ ਹੈ। ਅੱਜ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਆਪਣੇ ਸਾਥੀ ਮੰਤਰੀਆਂ ਨਾਲ ਮਿਲ ਕੇ ਸੇਵਾ ਸੰਕਲਪ ਮੁਹਿੰਮ ਤਹਿਤ ਕਿਰਾੜੀ, ਬਵਾਨਾ, ਮੁੰਡਕਾ, ਨਰੇਲਾ ਅਤੇ ਨੰਗਲੋਈ ਜਾਟ ਦੀਆਂ ਕਲੋਨੀਆਂ ਵਿੱਚ 214.12 ਕਰੋੜ ਦੀ ਲਾਗਤ ਵਾਲੇ 53 ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਕੰਮ ਸੜਕਾਂ, ਨਾਲੀਆਂ, ਸੀਵਰੇਜ ਅਤੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਪੱਕਾ ਹੱਲ ਕਰਨਗੇ। ਖਾਸ ਤੌਰ ’ਤੇ ਕਿਰਾੜੀ ਨੂੰ ਪਾਣੀ ਭਰਨ ਦੀ ਉਸ ਸਮੱਸਿਆ ਤੋਂ ਰਾਹਤ ਮਿਲੇਗੀ ਜੋ ਲੰਬੇ ਸਮੇਂ ਤੋਂ ਬਣੀ ਹੋਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਦਿੱਲੀ ਦਾ ਕੋਈ ਵੀ ਇਲਾਕਾ ਵਿਕਾਸ ਵਿੱਚ ਪਿੱਛੇ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਵਿਕਸਿਤ ਦਿੱਲੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਰਕਾਰ ਹਰ ਕਲੋਨੀ ਦਾ ਵਿਕਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸੜਕਾਂ ਦੀ ਮੁਰੰਮਤ, ਸਕੂਲਾਂ ਤੇ ਹਸਪਤਾਲਾਂ ਦੀ ਕਾਇਆਕਲਪ ਕੀਤੀ ਜਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪੁੱਜਦਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਰਕਾਰੀ ਯੋਜਨਾਵਾਂ ਵਾਂਝੇ ਨਾ ਰਹਿ ਸਕਣ। ਇਸ ਮੌਕੇ ਸੰਸਦ ਮੈਂਬਰ ਯੋਗੇਂਦਰ ਚੰਦੋਲੀਆ, ਕੈਬਨਿਟ ਮੰਤਰੀ ਪ੍ਰਵੇਸ਼ ਸਾਹਿਬ ਸਿੰਘ, ਆਸ਼ੀਸ਼ ਸੂਦ, ਰਵਿੰਦਰ ਇੰਦਰਾਜ ਅਤੇ ਹੋਰ ਪਤਵੰਤੇ ਮੌਜੂਦ ਸਨ।
ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਕਾਂਗਰਸ: ਗੁਪਤਾ
ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਵਿਰੋਧੀ ਧਿਰ ਦੇਸ਼ ਵਿੱਚ ਅਜਿਹੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਦਾ ਕੋਈ ਆਧਾਰ ਨਹੀਂ ਹੈ ਅਤੇ ਇਸ ਦਾ ਇੱਕੋ-ਇੱਕ ਮਕਸਦ ਲੋਕਾਂ ਨੂੰ ਗੁਮਰਾਹ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਭਾਜਪਾ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਗੁਪਤਾ ਨੇ ਕਿਹਾ ਕਿ ਵਿਰੋਧੀ ਧਿਰ ਦੇਸ਼ ਵਿੱਚ ਅਜਿਹੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਦਾ ਕੋਈ ਆਧਾਰ ਨਹੀਂ ਹੈ। ਉਸ ਦਾ ਮਕਸਦ ਸਿਰਫ਼ ਲੋਕਾਂ ਨੂੰ ਗੁਮਰਾਹ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਚੋਣ ਕਮਿਸ਼ਨਰ ’ਤੇ ਬੇਬੁਨਿਆਦ ਦੋਸ਼ ਲਾਏ ਜਾ ਰਹੇ ਹਨ, ਜਦੋਂ ਕਿ ਚੋਣ ਕਮਿਸ਼ਨ ਦੇ ਸਾਰੇ ਫ਼ੈਸਲੇ ਸਰਬਸੰਮਤੀ ਨਾਲ ਲਏ ਜਾ ਰਹੇ ਹਨ।

