ਸ਼ਿਲੌਂਗ ਦੇ ਸਿੱਖਾਂ ਨਾਲ ਡਟ ਕੇ ਖੜ੍ਹੀ ਹੈ ਦਿੱਲੀ ਕਮੇਟੀ: ਕਾਹਲੋਂ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਕਿ ਸ਼ਿਲੌਂਗ ਦੇ ਸਿੱਖਾਂ ਦੀ ਲੜਾਈ ਵਿੱਚ ਦਿੱਲੀ ਕਮੇਟੀ ਡੱਟ ਕੇ ਉਨ੍ਹਾਂ ਨਾਲ ਖੜ੍ਹੀ ਹੈ, ਜੇ ਮੇਘਾਲਿਆ ਹਾਈ ਕੋਰਟ ਵਿੱਚ ਚੱਲ ਰਹੇ ਕੇਸ ਵਿੱਚ ਇਨਸਾਫ਼ ਨਾ ਮਿਲਿਆ ਤਾਂ ਉਹ ਸੁਪਰੀਮ ਕੋਰਟ ਤੱਕ ਵੀ ਪਹੁੰਚ ਕਰੇਗੀ। ਗੁਰਦੁਆਰਾ ਗੁਰੂ ਨਾਨਕ ਦਰਬਾਰ ਸ਼ਿਲੌਂਗ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ’ਚ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤਰਫ਼ੋਂ ਕਿਹਾ ਕਿ ਉਹ ਇਸ ਗੱਲ ਤੋਂ ਬਹੁਤ ਖੁਸ਼ ਹਨ ਕਿ ਸ਼ਿਲੌਂਗ ਵਿੱਚ ਸਿੱਖੀ ਦਾ ਪ੍ਰਚਾਰ ਹੋ ਰਿਹਾ ਹੈ। ਨੌਜਵਾਨਾਂ ਨੇ ਅੰਮ੍ਰਿਤ ਛੱਕ ਦਸਤਾਰਾਂ ਸਜਾ ਲਈਆਂ ਹਨ। ਦੇਸ਼-ਵਿਦੇਸ਼ ਦੇ ਸਿੱਖ ਸ਼ਿਲੌਂਗ ਦੇ ਸਿੱਖਾਂ ਨਾਲ ਹਨ, ਜਿੱਥੇ ਉਹ ਸ਼ਿਲੌਂਗ ਦੇ ਸਿੱਖਾਂ ਦੇ ਕੇਸ ਦੀ ਪੈਰਵੀ ਅਦਾਲਤਾਂ ਵਿੱਚ ਕਰ ਰਹੇ ਹਨ, ਉਥੇ ਹੀ ਸਰਕਾਰਾਂ ਕੋਲ ਵੀ ਮੁੱਦਾ ਚੁੱਕਿਆ ਹੈ। ਉਹ ਮੇਘਾਲਿਆ ਹਾਈ ਕੋਰਟ ਵਿੱਚ ਕੇਸ ਲੜ ਰਹੇ ਹਨ ਅਤੇ ਲੋੜ ਪੈਣ ’ਤੇ ਸੁਪਰੀਮ ਕੋਰਟ ਤੱਕ ਵੀ ਪਹੁੰਚ ਕਰਨਗੇ। ਸ੍ਰੀ ਕਾਹਲੋਂ ਨੇ ਕਿਹਾ ਕਿ ਸ਼ਿਲੌਂਗ ਦੇ ਸਿੱਖਾਂ ਨੂੰ ਇੱਥੇ ਹੀ ਆਪਣੇ ਕਾਰੋਬਾਰਾਂ ’ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਦੇਸ਼ ਦੇ ਇਸ ਹਿੱਸੇ ਵਿੱਚ ਨਗਰ ਕੀਰਤਨ ਸਜਾਏ ਜਾਣਾ ਬਹੁਤ ਵੱਡੀ ਪ੍ਰਾਪਤੀ ਹੈ, ਜਿਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਦਿੱਲੀ ਕਮੇਟੀ ਸ਼ਿਲੌਂਗ ਦੇ ਸਿੱਖਾਂ ਨਾਲ ਹੈ। ਇਸ ਮੌਕੇ ਉਨ੍ਹਾਂ ਭਾਈ ਰਵਿੰਦਰ ਸਿੰਘ, ਭੁਪਿੰਦਰ ਸਿੰਘ ਕਿੱਕੀ, ਗੁਰਜੀਤ ਸਿੰਘ, ਸਤਨਾਮ ਸਿੰਘ ਤੇ ਸੰਗਮ ਸਿੰਘ ਦਾ ਸਿੱਖੀ ਦੇ ਪ੍ਰਚਾਰ ਲਈ ਧੰਨਵਾਦ ਕੀਤਾ। ਸਮਾਗਮ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਹਾਜ਼ਰ ਸਨ।
ਜਥੇਦਾਰ ਨੇ ਸ਼ਿਲੌਂਗ ਦੇ ਸਿੱਖਾਂ ਨੂੰ ਸਮਰਥਨ ਦਾ ਭਰੋਸਾ ਦਿੱਤਾ
ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ਼ਿਲੌਂਗ ਦੇ ਦੋ ਰੋਜ਼ਾ ਦੌਰੇ ਦੌਰਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ, ਬੜਾ ਬਾਜ਼ਾਰ ਵਿੱਚ ਕਰਵਾਏ ਧਾਰਮਿਕ ਸਮਾਗਮ ’ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਸ਼ਿਲੌਂਗ ਦੇ ਸਿੱਖਾਂ ਨੂੰ ਅਕਾਲ ਤਖ਼ਤ ਵੱਲੋਂ ਕਿਸੇ ਵੀ ਔਕੜ ਸਮੇਂ ਪੂਰਨ ਸਮਰਥਨ ਦਾ ਪੂਰਾ ਭਰੋਸਾ ਦਿੱਤਾ। ਸਮਾਗਮ ਦੌਰਾਨ ਮੇਘਾਲਿਆ ਸਰਕਾਰ ਦੇ ਕੈਬਨਿਟ ਮੰਤਰੀ ਸਨਬੋਰ ਸ਼ੁਲਾਈ ਨੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਦਫ਼ਤਰ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਜਥੇਦਾਰ ਗੜਗੱਜ ਨੇ ਕੈਬਨਿਟ ਮੰਤਰੀ ਨੂੰ ਸ਼ਿਲੌਂਗ ਦੀ ਪੰਜਾਬੀ ਲੇਨ ਵਿੱਚ ਵੱਸਦੇ ਸਿੱਖਾਂ ਦਾ ਸਾਥ ਦੇਣ ਅਤੇ ਕਿਸੇ ਵੀ ਮੁਸੀਬਤ ਸਮੇਂ ਉਨ੍ਹਾਂ ਦੀ ਮਦਦ ਕਰਨ ਲਈ ਆਖਿਆ। ਕੈਬਨਿਟ ਮੰਤਰੀ ਨੇ ਜਥੇਦਾਰ ਨੂੰ ਭਰੋਸਾ ਦਿੱਤਾ ਕਿ ਉਹ ਇੱਥੇ ਵੱਸਦੇ ਸਿੱਖਾਂ ਦੇ ਨਾਲ ਹਨ। ਇਸ ਮਗਰੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਦਾ ਸਨਮਾਨ ਕੀਤਾ ਗਿਆ।
