ਨਵੀਂ ਦਿੱਲੀ, 23 ਅਕਤੂਬਰ
ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਪਹਿਲ ਮਨੁੱਖੀ ਜ਼ਿੰਦਗੀ ਬਚਾਉਣਾ ਹੈ ਅਤੇ ਪਟਾਕਿਆਂ ’ਤੇ ਰਾਜਨੀਤੀ ਵਿੱਚ ਦੀ ਕੋਈ ਰੁਚੀ ਨਹੀਂ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਪਾਲ ਰਾਏ ਨੇ ਕਿਹਾ ਕਿ ਹਰ ਸਾਲ ਦੀਵਾਲੀ ਦੇ ਨੇੜੇ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ, ਜਿਸ ਦਾ ਮੁੱਖ ਕਾਰਨ ਪਟਾਕੇ ਚਲਾਉਣਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਤੋਂ ਨਿਕਲਣ ਵਾਲਾ ਧੂੰਆਂ ਬੱਚਿਆਂ, ਔਰਤਾਂ ਤੇ ਬਜ਼ੁਰਗਾਂ ਲਈ ਕਾਫ਼ੀ ਘਾਤਕ ਹੈ। ਦਿੱਲੀ ਸਰਕਾਰ ਨੇ ਅਗਲੇ ਸਾਲ ਪਹਿਲੀ ਜਨਵਰੀ ਤੱਕ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਵਿਕਰੀ ਤੇ ਵਰਤੋਂ ’ਤੇ ਪੂਰਨ ਪਾਬੰਦੀ ਲਾ ਦਿੱਤੀ ਹੈ। ਇਹ ਰੋਕ ਦੀਵਾਲੀ ਮੌਕੇ ਵੀ ਜਾਰੀ ਰਹੇਗੀ। ਇਸ ਤੋਂ ਇਲਾਵਾ ਬੀਤੇ ਦੋ ਸਾਲਾਂ ਦੌਰਾਨ ਵੀ ਪਟਾਕਿਆਂ ’ਤੇ ਪਾਬੰਦੀ ਰਹੀ ਹੈ। ਰਾਏ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਲੋਕਾਂ ਦੀ ਜਾਨ ਬਚਾਉਣਾ ਹੈ ਅਤੇ ਪਟਾਕਿਆਂ ’ਤੇ ਰਾਜਨੀਤੀ ਵਿੱਚ ਉਨ੍ਹਾਂ ਦੀ ਦਿਲਚਸਪੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੇ ਇਸ ਮੁੱਦੇ ’ਤੇ ਸਿਖਰਲੀ ਅਦਾਲਤ ਤੱਕ ਪਹੁੰਚ ਕੀਤੀ ਹੈ। ਮਾਮਲੇ ਵਿੱਚ ਸਿਖਰਲੀ ਅਦਾਲਤ ਦੇ ਫ਼ੈਸਲੇ ਮਗਰੋਂ ਬਹਿਸ ਦੀ ਕੋਈ ਗੁੰਜਾਇਸ਼ ਨਹੀਂ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਦੀ ਉਸ ਪਟੀਸ਼ਨ ਨੂੰ ਵੀਰਵਾਰ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਦਿੱਲੀ ’ਚ ਪਟਾਕਿਆਂ ’ਤੇ ਪਾਬੰਦੀ ਉਪਰ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਸੀ। ਇਸ ਤੋਂ ਇਲਾਵਾ ਭਾਜਪਾ ਆਗੂਆਂ ਨੇ ਪਟਾਕਿਆਂ ਦੇ ਮਾਮਲੇ ਵਿੱਚ ਦਿੱਲੀ ਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਸਰਕਾਰ ਨੂੰ ਹਿੰਦੂ ਵਿਰੋਧੀ ਕਰਾਰ ਦਿੱਤਾ ਸੀ। -ਪੀਟੀਆਈ