ਮਨਧੀਰ ਦਿਓਲ
ਨਵੀਂ ਦਿੱਲੀ, 19 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਗੁਰਦੁਆਰਿਆਂ ਵਿੱਚ ਸਵੇਰ ਤੋਂ ਹੀ ਕੀਰਤਨ ਦਰਬਾਰ ਸਜਾਏ ਗਏ, ਜਿਸ ਵਿੱਚ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਵੱਡੀ ਗਿਣਤੀ ਵਿੱਚ ਸੰਗਤਾਂ ਅੱਜ ਗੁਰੂ ਘਰਾਂ ਵਿੱਚ ਨਤਮਸਤਕ ਹੋਈਆਂ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਗੁਰਦੁਆਰਾ ਰਕਾਬਗੰਜ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿੱਥੇ ਕਰੋਨਾ ਕਾਲ ਵਿੱਚ ਸੇਵਾਵਾਂ ਦੇਣ ਵਾਲੇ ਸਮੁੱਚੇ ਵਾਲੰਟੀਅਰਾਂ ਤੇ ਸਾਰੇ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ। ਇੱਥੇ ਭਾਈ ਚਮਨ ਲਾਲ ਜੀ ਤੇ ਹੋਰ ਰਾਗੀ ਸਿੰਘਾਂ ਦੇ ਜੱਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ ਤੇ ਕਿਹਾ ਕਿ ਅੱਜ ਉਸ ਮਹਾਨ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਹੈ, ਜਿਸਨੇ ਹਨੇਰੇ ਵਿੱਚ ਡੁੱਬੀ ਲੋਕਾਈ ਪ੍ਰਕਾਸ਼ ਵਿਖਾਇਆ ਸੀ। ਇਸੇ ਤਰੀਕੇ ਅੱਜ ਭਾਰਤ ਸਰਕਾਰ ਨੇ ਵੀ ਪ੍ਰਕਾਸ਼ ਦਿਹਾੜੇ ਮੌਕੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ ਜੋ ਗੁਰੂ ਸਾਹਿਬ ਦੀ ਰਹਿਮਤ ਦੀ ਬਦੌਲਤ ਹੋਇਆ ਹੈ।
ਅਰਵਿੰਦ ਕੇਜਰੀਵਾਲ ਗੁਰਦੁਆਰਾ ਰਕਾਬਗੰਜ ਸਾਹਿਬ ਨਤਮਸਤਕ
ਨਵੀਂ ਦਿੱਲੀ: ਇਥੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁੱਕਰਵਾਰ ਨੂੰ ਸਵੇਰੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਦਿੱਲੀ ਸਮੇਤ ਸਾਰੇ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਇਨਸਾਨੀਅਤ ਨੂੰ ਸੱਚ ਦਾ ਮਾਰਗ ਦਿਖਾਇਆ ਅਤੇ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲੀਏ। ਉਨ੍ਹਾਂ ਪੰਜਾਬ ਅਤੇ ਦਿੱਲੀ ਸਮੇਤ ਦੇਸ਼ ਵਾਸੀਆਂ ਅਤੇ ਦੁਨੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਗੁਰੂ ਨਾਨਕ ਦੇਵ ਜੀ ਨਾਲ ਸਭ ਲੋਕਾਂ ਦੀ ਸ਼ਰਧਾ ਜੁੜੀ ਹੋਈ ਹੇ ਅਤੇ ਸਾਰੇ ਉਨ੍ਹਾਂ ਨੂੰ ਗੁਰੂ ਮੰਨਦੇ ਹਨ। ਕੇਜਰੀਵਾਲ ਨੇ ਕਿਹਾ ਕਿ ਉਹ ਗੁਰੂ ਜੀ ਦੱਸੇ ਮਾਰਗ ’ਤੇ ਚੱਲਣ ਦੇ ਭਰਪੂਰ ਯਤਨ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼ੁੱਕਰਵਾਰ ਦੀ ਸਵੇਰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਤਿੰਨੋਂ ਕਾਲ਼ੇ ਖੇਤੀ ਕਾਨੂੰਨ ਰੱਦ ਕਰਨ ਦੀ ਖੁਸ਼ਖ਼ਬਰੀ ਤਾਂ ਜ਼ਰੂਰ ਮਿਲੀ, ਪਰ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੀ ਸ਼ਹਾਦਤ ਹਮੇਸ਼ਾਂ ਅਮਰ ਰਹੇਗੀ ਅਤੇ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ ਕਿ ਕਿਸ ਤਰ੍ਹਾਂ ਦੇਸ਼ ਦੇ ਕਿਸਾਨਾਂ ਨੇ ਆਪਣੀ ਜਾਨ ’ਤੇ ਖੇਡ ਕੇ ਕਿਸਾਨੀ ਅਤੇ ਜ਼ਮੀਨ ਨੂੰ ਬਚਾਇਆ ਸੀ। ਕੇਜਰੀਵਾਲ ਨੇ ਕਿਹਾ,‘‘ਇਹ ਕਿਸਾਨਾਂ ਦੀ ਬਹੁਤ ਵੱਡੀ ਸਫ਼ਲਤਾ ਹੈ। ਭਾਰਤ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਅੰਦੋਲਨ ਕਾਰਨ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨ ਰੱਦ ਕਰ ਰਹੀ ਹੈ।’’ ਉਨ੍ਹਾਂ ਟਵੀਟ ਰਾਹੀਂ ਦੇਸ਼ ਦੇ ਕਿਸਾਨਾਂ ਨੂੰ ਪ੍ਰਣਾਮ ਕੀਤਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦੇਸ਼ ਭਰ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਮਹਾਨ ਸਫ਼ਲਤਾ ਲਈ ਵਧਾਈਆਂ ਦਿੰਦੇ ਹਨ, ਕਿਉਂਕਿ ਕਿਸਾਨਾਂ ਦਾ ਸੰਘਰਸ਼ ਰੰਗ ਲਿਆਇਆ ਹੈ।