ਦਿੱਲੀ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋਂ ਧਾਮੀ ਨਾਲ ਮੁਲਾਕਾਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਵਫ਼ਦ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ’ਤੇ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤੀ ਗਈ।
ਅੰਮ੍ਰਿਤਸਰ ਵਿੱਚ ਵਫ਼ਦ ਦੀ ਮੁਲਾਕਾਤ ਦੌਰਾਨ ਕਾਲਕਾ ਤੇ ਕਾਹਲੋਂ ਨੇ ਐਡਵੋਕੇਟ ਧਾਮੀ ਨੂੰ ਇਹ ਦਿਹਾੜਾ ਰਲ ਮਿਲ ਕੇ ਇਤਿਹਾਸਕ ਪੱਧਰ ’ਤੇ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਭ ਤੋਂ ਵੱਡੀ ਸੰਸਥਾ ਹੈ ਤੇ ਇਸ ਨੂੰ ਇਹ ਇਤਿਹਾਸਕ ਦਿਹਾੜਾ ਮਨਾਉਣ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਕਿਉਂਕਿ ਗੁਰੂ ਸਾਹਿਬ ਦੀ ਸ਼ਹਾਦਤ ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਦਿੱਲੀ ਵਿਚ ਹੀ ਹੋਇਆ ਸੀ ਜਿਥੇ ਅੱਜ ਗੁਰਦੁਆਰਾ ਸੀਸਗੰਜ ਸਾਹਿਬ ਤੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਹਨ।
ਉਨ੍ਹਾਂ ਐਡਵੋਕੇਟ ਧਾਮੀ ਨੂੰ ਅਪੀਲ ਕੀਤੀ ਕਿ 23, 24 ਅਤੇ 25 ਨਵੰਬਰ ਨੂੰ ਲਾਲ ਕਿਲੇ ’ਚ ਵੱਡੇ ਸਮਾਗਮ ਹੋ ਰਹੇ ਹਨ ਜਿਸ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਵੱਧ ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਨੂੰ ਅਪੀਲ ਕਰੇਗੀ ਕਿ ਇਨ੍ਹਾਂ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਨੇ ਹੁਣ ਦੇ ਸਹਿਯੋਗ ਲਈ ਐਡਵੋਕੇਟ ਧਾਮੀ ਦਾ ਧੰਨਵਾਦ ਵੀ ਕੀਤਾ।