ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕੇਂਦਰ ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਨਾ ਭੇਜਣ ਦੇ ਫ਼ੈਸਲੇ ’ਤੇ ਗੰਭੀਰ ਚਿੰਤਾ ਜਤਾਈ ਅਤੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ। ਕਾਲਕਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਜੀ ਦੇ ਲੱਖਾਂ ਭਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਧਾਰਮਿਕ ਯਾਤਰਾ ਨੂੰ ਮਨਜ਼ੂਰੀ ਦਿੱਤੀ ਜਾਵੇ। ਆਪਣਾ ਪੱਖ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੋਚਣ ਵਾਲੀ ਗੱਲ ਹੈ ਕਿ ਜੇ ਪਾਕਿਸਤਾਨ ਦੀ ਕ੍ਰਿਕਟ ਟੀਮ ਭਾਰਤੀ ਟੀਮ ਨਾਲ ਮੈਚ ਖੇਡ ਸਕਦੀ ਹੈ ਤਾਂ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਆਦਰ ਕਰਦੇ ਹੋਏ ਉਨ੍ਹਾਂ ਨੂੰ ਵੀ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਹਰ ਸਾਲ ਸ਼ਰਧਾਲੂਆਂ ਦੀ ਇੱਛਾ ਹੁੰਦੀ ਹੈ ਕਿ ਉਹ ਗੁਰੂ ਸਾਹਿਬ ਦੇ ਜਨਮ ਸਥਾਨ ਨਨਕਾਣਾ ਸਾਹਿਬ ਜਾ ਕੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ। ਹੁਣ ਸੁਰੱਖਿਆ ਦੇ ਹਵਾਲੇ ਨਾਲ ਕੇਂਦਰ ਸਰਕਾਰ ਵੱਲੋਂ ਇਸ ਯਾਤਰਾ ’ਤੇ ਪਾਬੰਦੀ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਉਨ੍ਹਾਂ ਸਰਕਾਰ ਨੂੰ ਬੇਨਤੀ ਕੀਤੀ ਕਿ ਘੱਟ ਤੋਂ ਘੱਟ ਇਕ ਜੱਥੇ ਨੂੰ ਤਾਂ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਕਾਲਕਾ ਨੇ ਸੁਝਾਅ ਦਿੱਤਾ ਕਿ ਜੇ ਵੀਜ਼ਿਆਂ ਦੀ ਗਿਣਤੀ ਤਕਰੀਬਨ 3,000 ਤੋਂ ਘਟਾ ਕੇ 500 ਵੀ ਕਰ ਦਿੱਤੀ ਜਾਵੇ ਅਤੇ ਯਾਤਰਾ ਦਾ ਸਮਾਂ ਦਸ ਦਿਨਾਂ ਦੀ ਬਜਾਏ ਪੰਜ ਦਿਨ ਤਕ ਸੀਮਤ ਰੱਖਿਆ ਜਾ ਸਕਦਾ ਹੈ।