ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਤਿਲਕ ਨਗਰ ਇਲਾਕੇ ’ਚ 16 ਸਾਲਾ ਲੜਕੀ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੂੰ ਨਾਬਾਲਗ ਲੜਕੀ ਦੀ ਮਾਂ ਵੱਲੋਂ ਸ਼ਿਕਾਇਤ ਮਿਲੀ ਸੀ। ਸ਼ਿਕਾਇਤਕਰਤਾ ਨੇ ਕਮਿਸ਼ਨ ਨੂੰ ਦੱਸਿਆ ਕਿ ਇੱਕ ਲੜਕਾ ਉਸਦੀ 16 ਸਾਲਾ ਧੀ ਨਾਲ ਕੋਚਿੰਗ ਸੈਂਟਰ ਵਿੱਚ ਪੜ੍ਹਦਾ ਸੀ ਅਤੇ ਉਸਨੂੰ ਤੰਗ-ਪ੍ਰੇਸ਼ਾਨ ਕਰਦਾ ਸੀ। ਮਾਂ ਅਨੁਸਾਰ ਲੜਕਾ ਲਗਾਤਾਰ ਲੜਕੀ ਨੂੰ ਵੱਖ-ਵੱਖ ਮੋਬਾਈਲ ਨੰਬਰਾਂ ਤੋਂ ਫ਼ੋਨ ਕਰਕੇ ਧਮਕੀਆਂ ਦਿੰਦਾ ਸੀ। ਉਸ ਨੇ ਦੋਸ਼ ਲਾਇਆ ਕਿ ਉਨ੍ਹਾਂ ਵੱਲੋਂ ਲੜਕੇ ਖ਼ਿਲਾਫ਼ ਸਥਾਨਕ ਪੁਲੀਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਪੁਲੀਸ ਨੇ ਉਨ੍ਹਾਂ ਨੂੰ ਸਮਝੌਤਾ ਕਰਨ ਲਈ ਕਿਹਾ। ਉਸ ਨੇ ਦੱਸਿਆ ਕਿ ਅੱਜ ਲੜਕੇ ਨੇ ਉਸ ਦੀ ਧੀ ’ਤੇ ਚਾਕੂ ਨਾਲ ਹਮਲਾ ਕਰ ਦਿੱਤੀ। ਉਹ ਹਸਪਤਾਲ ਵਿੱਚ ਦਾਖ਼ਲ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਡੀਸੀਡਬਲਯੂ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕਰਕੇ ਇਸ ਸਬੰਧੀ ਕਾਰਵਾਈ ਦੀ ਰਿਪੋਰਟ ਮੰਗੀ ਹੈ। ਨੋਟਿਸ ਵਿੱਚ ਸਵਾਤੀ ਮਾਲੀਵਾਲ ਨੇ ਐਫਆਈਆਰ ਦੇ ਵੇਰਵੇ ਤੇ ਕੀਤੀ ਗਈ ਗ੍ਰਿਫ਼ਤਾਰੀ ਦੇ ਵੇਰਵੇ ਮੰਗੇ ਹਨ। ਕਮਿਸ਼ਨ ਨੇ ਲੜਕੀ ਤੇ ਉਸ ਦੇ ਪਰਿਵਾਰ ਦੀਆਂ ਪਿਛਲੀਆਂ ਸ਼ਿਕਾਇਤਾਂ ’ਤੇ ਕੀਤੀ ਗਈ ਕਾਰਵਾਈ ਦੇ ਵੇਰਵੇ ਵੀ ਮੰਗੇ ਹਨ।