Gurdwara Bangla Sahib ਅੰਦਰ ਪੁਲੀਸ ਵੱਲੋਂ ਜੁੱਤੀਆਂ ਪਾ ਕੇ ਦਾਖ਼ਲ ਹੋਣ ਦੀ ਵੀਡੀਓ 'ਤੇ ਦਿੱਲੀ ਪੁਲੀਸ ਕਰੇਗੀ ਕਾਨੂੰਨੀ ਕਾਰਵਾਈ
ਧਾਰਮਿਕ ਸਦਭਾਵਨਾ ਨੂੰ ਵਿਗਾੜਨ ਦੇ ਇਰਾਦੇ ਨਾਲ ਜਾਣਬੁੱਝ ਕੇ ਫੈਲਾਈ ਗਈ ਹੈ ਇਹ ਵੀਡੀਓ: ਡੀ ਸੀ ਪੀ
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲੀਸ ਮੁਲਾਜ਼ਮਾਂ ਦੇ ਕਥਿਤ ਤੌਰ 'ਤੇ ਜੁੱਤੀਆਂ ਪਾ ਕੇ ਦਾਖ਼ਲ ਹੋਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਉੱਤੇ ਹੁਣ ਦਿੱਲੀ ਪੁਲੀਸ ਨੇ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਇੱਕ ਅਧਿਕਾਰੀ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਡਿਪਟੀ ਕਮਿਸ਼ਨਰ ਆਫ਼ ਪੁਲੀਸ (ਨਵੀਂ ਦਿੱਲੀ) ਸਚਿਨ ਸ਼ਰਮਾ ਨੇ ਐਕਸ (X) 'ਤੇ ਦਿੱਲੀ ਪੁਲੀਸ ਦੇ ਅਧਿਕਾਰਤ ਹੈਂਡਲ ਰਾਹੀਂ ਦੱਸਿਆ ਕਿ ਵੀਡੀਓ ਵਿੱਚ ਦਿਖਾਈ ਦੇ ਰਹੇ ਪੁਲੀਸ ਮੁਲਾਜ਼ਮ ਉਸ ਆਮ ਰਸਤੇ ਵਿੱਚੋਂ ਲੰਘ ਰਹੇ ਸਨ, ਜਿੱਥੋਂ ਸੰਗਤ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਜੁੱਤੀਆਂ ਉਤਾਰਨ ਵਾਲੀ ਥਾਂ (ਜੋੜਾ ਘਰ) ਵੱਲ ਜਾਂਦੀ ਹੈ।
ਸ਼ਰਮਾ ਨੇ ਕਿਹਾ, "ਇਹ ਵੀਡੀਓ ਇੱਕ ਸਤਿਕਾਰਯੋਗ ਧਾਰਮਿਕ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਧਾਰਮਿਕ ਸਦਭਾਵਨਾ ਨੂੰ ਵਿਗਾੜਨ ਦੇ ਇਰਾਦੇ ਨਾਲ ਜਾਣਬੁੱਝ ਕੇ ਫੈਲਾਈ ਗਈ ਹੈ।" ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਵੀਡੀਓ ਪੁਲੀਸ ਮੁਲਾਜ਼ਮਾਂ ਦੇ ਗੁਰਦੁਆਰਾ ਕੰਪਲੈਕਸ ਅੰਦਰ ਜਾਣ 'ਤੇ ਛਿੜੇ ਵਿਵਾਦ ਦਰਮਿਆਨ ਸਾਹਮਣੇ ਆਈ ਹੈ, ਕਿਉਂਕਿ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਪੁਲੀਸ ਕਾਰਵਾਈ ਦਾ ਸਾਹਮਣਾ ਕਰ ਰਹੇ ਕੁਝ ਪ੍ਰਦਰਸ਼ਨਕਾਰੀ ਗੁਰਦੁਆਰਾ ਸਾਹਿਬ ਅੰਦਰ ਚਲੇ ਗਏ ਸਨ।
ਕਾਲਕਾ ਨੇ ਦੋਸ਼ ਲਾਇਆ ਕਿ ਕੁਝ ਪ੍ਰਦਰਸ਼ਨਕਾਰੀ ਆਪਣੇ ਪ੍ਰਦਰਸ਼ਨ ਤਹਿਤ ਤਖ਼ਤੀਆਂ ਲੈ ਕੇ ਗੁਰਦੁਆਰਾ ਕੰਪਲੈਕਸ ਵਿੱਚ ਆ ਗਏ ਅਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੱਸਿਆ ਕਿ ਸਟਾਫ਼ ਮੈਂਬਰਾਂ ਨੇ ਉਨ੍ਹਾਂ ਨੂੰ ਦੀਵਾਨ ਹਾਲ ਦੇ ਅੰਦਰ ਜਾਣ ਤੋਂ ਰੋਕਿਆ।
ਪ੍ਰਦਰਸ਼ਨਕਾਰੀਆਂ ਨੂੰ ਬਾਹਰ ਕੱਢਣ ਲਈ ਅੰਦਰ ਗਏ ਪੁਲੀਸ ਕਰਮੀਆਂ ਦੀ ਹੋ ਰਹੀ ਨੁਕਤਾਚੀਨੀ 'ਤੇ ਸਵਾਲ ਚੁੱਕਦਿਆਂ ਕਾਲਕਾ ਨੇ ਕਿਹਾ ਕਿ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਦੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਤੋਂ ਬਾਅਦ ਹੀ ਦਖ਼ਲ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਹਰ ਵਰਗ ਦੇ ਲੋਕਾਂ ਦਾ ਸਵਾਗਤ ਕਰਦਾ ਹੈ ਅਤੇ ਲੰਗਰ ਤੇ ਆਸਰਾ ਦਿੰਦਾ ਹੈ, ਪਰ ਇਸ ਦੇ ਕੰਪਲੈਕਸ ਨੂੰ ਸਿਆਸੀ ਪ੍ਰਦਰਸ਼ਨਾਂ ਦੇ ਅੱਡੇ ਵਜੋਂ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਕਾਲਕਾ ਨੇ ਧਾਰਮਿਕ ਅਸਥਾਨ ਦੀ ਮਰਿਆਦਾ ਕਾਇਮ ਰੱਖਣ ਦੀ ਵਕਾਲਤ ਕਰਦਿਆਂ ਦੋਸ਼ ਲਾਇਆ ਕਿ 'ਆਪ' ਆਗੂ ਇਸ ਨੂੰ ਸਿਆਸੀ ਅਖਾੜਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ Gurudwara Bangla Sahib: ਪੁਲੀਸ ਤੋਂ ਬਚਣ ਲਈ ਗੁਰਦੁਆਰਾ ਬੰਗਲਾ ਸਾਹਿਬ ਅੰਦਰ ਦਾਖ਼ਲ ਹੋਏ ਪ੍ਰਦਰਸ਼ਨਕਾਰੀ
ਜ਼ਿਕਰਯੋਗ ਹੈ ਕਿ ਸ਼ਨਿੱਚਰਵਾਰ ਨੂੰ ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕੌਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨ ਦੌਰਾਨ ਜੰਤਰ-ਮੰਤਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ 7,000 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ।
ਪੁਲੀਸ ਨੇ ਦੱਸਿਆ ਕਿ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਅਤੇ ਨਵੀਂ ਦਿੱਲੀ ਖੇਤਰ ਵਿੱਚ ਮਨਾਹੀ ਦੇ ਹੁਕਮ ਲਾਗੂ ਸਨ।

