ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਦਸੰਬਰ
ਭਾਰਤੀ ਮੌਸਮ ਵਿਭਾਗ ਦੀ ਸਫਦਰਜੰਗ ਆਬਜ਼ਰਵੇਟਰੀ ਨੇ 6.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ, ਜਿਸ ਨਾਲ ਦਿੱਲੀ ਦਾ ਘੱਟੋ-ਘੱਟ ਤਾਪਮਾਨ ਪਿਛਲੇ 24 ਘੰਟਿਆਂ ਦੌਰਾਨ ਹੋਰ ਹੇਠਾਂ ਆ ਗਿਆ ਹੈ। ਇਹ ਇਸ ਸਰਦ ਰੁੱਤ ਸੀਜ਼ਨ ਵਿੱਚ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ ਅਤੇ ਸਾਲ ਦੇ ਇਸ ਸਮੇਂ ਦੇ ਮੱਦੇਨਜ਼ਰ ਆਮ ਨਾਲੋਂ ਦੋ ਡਿਗਰੀ ਘੱਟ ਹੈ। ਸ਼ਨਿਚਰਵਾਰ ਨੂੰ ਘੱਟੋ-ਘੱਟ ਤਾਪਮਾਨ 8.3 ਡਿਗਰੀ ਸੈਲਸੀਅਸ ਰਿਹਾ। ਆਈਐੱਮਡੀ ਦੀ ਭਵਿੱਖਬਾਣੀ ਦੇ ਅਨੁਸਾਰ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਵੱਧ ਤੋਂ ਵੱਧ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਹਫ਼ਤੇ ਦੌਰਾਨ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੋਂ 8 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿਣ ਦੀ ਸੰਭਾਵਨਾ ਹੈ।
ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ਦਰਜ
ਇਸ ਦੌਰਾਨ ਦਿੱਲੀ ਲਈ ਏਅਰ ਕੁਆਲਿਟੀ ਅਰਲੀ ਚਿਤਾਵਨੀ ਪ੍ਰਣਾਲੀ ਦੇ ਅਨੁਸਾਰ ਐਤਵਾਰ ਨੂੰ ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ਸੀ। ਐਤਵਾਰ ਨੂੰ ਸਵੇਰੇ 10 ਵਜੇ ਆਨੰਦ ਵਿਹਾਰ ਵਿੱਚ 24 ਘੰਟੇ ਦੀ ਔਸਤ ਦਰ ਦੇ ਤੌਰ ’ਤੇ ਏਕਿਊਆਈ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਸੀ, ਜਿਸਦਾ ਹਵਾ ਪ੍ਰਦੂਸ਼ਣ ਗੁਣਵੱਤਾ ਸੂਚਕਅੰਕ (ਏਕਿਊਆਈ) 310 ਦਰਜ ਕੀਤਾ ਗਿਆ ਸੀ। ਜਹਾਂਗੀਰਪੁਰੀ ਵਿੱਚ ਏਕਿਊਆਈ 332 ਦੇ ਉੱਚੇ ਅੰਕੜੇ ’ਤੇ ਸੀ।