ਦਿੱਲੀ ਦੰਗੇ: ਉਮਰ, ਸ਼ਰਜੀਲ ਤੇ ਗੁਲਫਿਸ਼ਾ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਸੁਣਵਾਈ ਅੱਜ
ਕੌਮੀ ਰਾਜਧਾਨੀ ਵਿੱਚ ਫਰਵਰੀ 2020 ਵਿੱਚ ਹੋਏ ਦੰਗਿਆਂ ਨਾਲ ਸਬੰਧਤ ਕਥਿਤ ਸਾਜ਼ਿਸ਼ ਨਾਲ ਜੁੜੇ ਯੂਏਪੀਏ ਮਾਮਲੇ ਵਿੱਚ ਸੁਪਰੀਮ ਕੋਰਟ 12 ਸਤੰਬਰ ਨੂੰ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ ਅਤੇ ਗੁਲਫਿਸ਼ਾਂ ਫਾਤਿਮਾ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐੱਨ ਵੀ ਅੰਜਾਰੀਆ ਦਾ ਬੈਂਚ ਉਨ੍ਹਾਂ ਕਾਰਕੁਨਾਂ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਸੁਣਵਾਈ ਕਰ ਸਕਦਾ ਹੈ, ਜਿਨ੍ਹਾਂ ਨੇ 2 ਸਤੰਬਰ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ।
ਹਾਈ ਕੋਰਟ ਨੇ ਇਸ ਮਾਮਲੇ ਵਿੱਚ ਖਾਲਿਦ ਅਤੇ ਸ਼ਰਜੀਲ ਇਮਾਮ ਸਣੇ ਨੌਂ ਵਿਅਕਤੀਆਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਨਾਗਰਿਕਾਂ ਨੂੰ ਪ੍ਰਦਰਸ਼ਨਾਂ ਦੀ ਆੜ ਹੇਠ ‘ਸਾਜ਼ਿਸ਼ ਤਹਿਤ’ ਹਿੰਸਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਨ੍ਹਾਂ ਕਾਰਕੁਨਾਂ ਵਿੱਚ ਖਾਲਿਦ, ਇਮਾਮ, ਫਾਤਿਮਾ, ਮੁਹੰਮਦ ਸਲੀਮ ਖਾਨ, ਸ਼ਿਫਾ ਉਰ ਰਹਿਮਾਨ, ਅਤਹਰ ਖਾਨ, ਮੀਰਾਨ ਹੈਦਰ, ਅਬਦੁਲ ਖਾਲਿਦ ਅਤੇ ਸ਼ਾਦਾਬ ਅਹਿਮਦ ਸ਼ਾਮਲ ਹਨ। ਇਕ ਹੋਰ ਮੁਲਜ਼ਮ ਤਸਲੀਮ ਅਹਿਮਦ ਦੀ ਜ਼ਮਾਨਤ ਪਟੀਸ਼ਨ 2 ਸਤੰਬਰ ਨੂੰ ਹਾਈ ਕੋਰਟ ਦੇ ਇਕ ਹੋਰ ਬੈਂਚ ਨੇ ਖਾਰਜ ਕਰ ਦਿੱਤੀ ਸੀ।