ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਮਾਰਚ
ਕੇਜਰੀਵਾਲ ਸਰਕਾਰ ਨੇ ਅੱਜ ਦਿੱਲੀ ਦੰਗਿਆਂ ਵਿੱਚ ਜਾਨ ਗਵਾਉਣ ਵਾਲੇ ਆਈਬੀ ਦੇ ਸਾਬਕਾ ਮੁਲਾਜ਼ਮ ਮਰਹੂਮ ਅੰਕਿਤ ਸ਼ਰਮਾ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ। ਸਰਕਾਰ ਨੇ ਮਰਹੂਮ ਅੰਕਿਤ ਸ਼ਰਮਾ ਦੇ ਭਰਾ ਅੰਕੁਰ ਸ਼ਰਮਾ ਨੂੰ ਸਿੱਖਿਆ ਵਿਭਾਗ ਵਿੱਚ ਜੂਨੀਅਰ ਅਸਿਸਟੈਂਟ ਦੀ ਨੌਕਰੀ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ। ਇਸ ਦੌਰਾਨ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਅੰਕੁਰ ਸ਼ਰਮਾ ਨੂੰ ਸਰਕਾਰੀ ਨੌਕਰੀ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜਲਦੀ ਤੋਂ ਜਲਦੀ ਡਿਊਟੀ ਜੁਆਇਨ ਕਰਨ ਲਈ ਕਿਹਾ। ਇਸ ਦੌਰਾਨ ਅੰਕੁਰ ਸ਼ਰਮਾ ਦੀ ਮਾਂ ਅਤੇ ਭੈਣ ਵੀ ਮੌਜੂਦ ਸਨ। ਮੁੱਖ ਮੰਤਰੀ ਵੱਲੋਂ ਆਪਣੇ ਪੁੱਤਰ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਦਿਆਂ ਅੰਕੁਰ ਸ਼ਰਮਾ ਦੀ ਮਾਂ ਭਾਵੁਕ ਹੋ ਗਈ।