ਦਿੱਲੀ ਦੰਗੇ: ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਚਾਰ ਮੁਲਜ਼ਮਾਂ ਦੀ ਰਿਹਾਈ ਦੇ ਹੁਕਮ ਜਾਰੀ
ਅਦਾਲਤ ਨੇ 2-2 ਲੱਖ ਰੁਪਏ ਦੇ ਮੁਚੱਲਕੇ ਕੀਤੇ ਸਵੀਕਾਰ; ਪੰਜਵੇਂ ਮੁਲਜ਼ਮ ਦੀ ਰਿਹਾਈ ਅਜੇ ਬਾਕੀ
ਦਿੱਲੀ ਦੀ ਅਦਾਲਤ ਨੇ ਬੁੱਧਵਾਰ ਨੂੰ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਪ੍ਰਾਪਤ ਚਾਰ ਮੁਲਜ਼ਮਾਂ-ਗੁਲਫਿਸ਼ਾ ਫਾਤਿਮਾ, ਮੀਰਾਨ ਹੈਦਰ, ਸ਼ਿਫਾ ਉਰ ਰਹਿਮਾਨ ਅਤੇ ਮੁਹੰਮਦ ਸਲੀਮ ਖਾਨ ਦੀ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਵਧੀਕ ਸੈਸ਼ਨ ਜੱਜ ਸਮੀਰ ਬਾਜਪਾਈ ਨੇ ਦਿੱਲੀ ਪੁਲੀਸ ਵੱਲੋਂ ਦਸਤਾਵੇਜ਼ਾਂ ਦੀ ਤਸਦੀਕ ਤੋਂ ਬਾਅਦ 2-2 ਲੱਖ ਰੁਪਏ ਦੇ ਨਿੱਜੀ ਮੁਚੱਲਕੇ ਅਤੇ ਸਥਾਨਕ ਜ਼ਮਾਨਤਾਂ ਨੂੰ ਪ੍ਰਵਾਨ ਕਰ ਲਿਆ। ਹਾਲਾਂਕਿ, ਪੰਜਵੇਂ ਮੁਲਜ਼ਮ ਸ਼ਾਦਾਬ ਅਹਿਮਦ ਨੇ ਅਜੇ ਆਪਣੇ ਜ਼ਮਾਨਤੀ ਬਾਂਡ ਪੇਸ਼ ਨਹੀਂ ਕੀਤੇ ਹਨ, ਜਿਸ ਕਾਰਨ ਉਸ ਦੀ ਰਿਹਾਈ ਵਿੱਚ ਦੇਰੀ ਹੋ ਰਹੀ ਹੈ।
ਸੁਪਰੀਮ ਕੋਰਟ ਨੇ ਇਨ੍ਹਾਂ ਮੁਲਜ਼ਮਾਂ ਨੂੰ ਜ਼ਮਾਨਤ ਦਿੰਦੇ ਹੋਏ ਕਈ ਸਖ਼ਤ ਸ਼ਰਤਾਂ ਲਗਾਈਆਂ ਹਨ, ਜਿਨ੍ਹਾਂ ਵਿੱਚ ਦਿੱਲੀ ਦੀਆਂ ਖੇਤਰੀ ਹੱਦਾਂ ਤੋਂ ਬਾਹਰ ਨਾ ਜਾਣ, ਪਾਸਪੋਰਟ ਜਮ੍ਹਾਂ ਕਰਾਉਣ ਅਤੇ ਗਵਾਹਾਂ ਨੂੰ ਪ੍ਰਭਾਵਿਤ ਨਾ ਕਰਨ ਦੇ ਹੁਕਮ ਸ਼ਾਮਲ ਹਨ।
ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਵੀ ਸ਼ਰਤ ਦੀ ਉਲੰਘਣਾ ਕੀਤੀ ਗਈ ਤਾਂ ਜ਼ਮਾਨਤ ਰੱਦ ਕੀਤੀ ਜਾ ਸਕਦੀ ਹੈ।
ਦੂਜੇ ਪਾਸੇ, ਉੱਚ ਅਦਾਲਤ ਨੇ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਕਿਉਂਕਿ ਉਨ੍ਹਾਂ ਵਿਰੁੱਧ ਯੂਏਪੀਏ (UAPA) ਦੇ ਤਹਿਤ ਮੁੱਢਲੇ ਤੌਰ ’ਤੇ ਮਾਮਲਾ ਬਣਦਾ ਪਾਇਆ ਗਿਆ ਸੀ।

