ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਸਰਕਾਰ ਦੀ ਸ਼ਲਾਘਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵੱਲੋਂ ਸੂਬੇ ਵਿਚ 1984 ਦੇ ਸਿੱਖ ਕਤਲੇਆਮ ਵੇਲੇ ਸ਼ਹੀਦ ਹੋਏ 121 ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਆਗੂਆਂ ਨੇ ਕਿਹਾ ਹੈ ਕਿ ਇਹ ਭਾਵੇਂ ਦੇਰ ਨਾਲ ਲਿਆ ਫੈਸਲਾ ਹੈ ਪਰ ਇਹ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਵਾਲਾ ਫੈਸਲਾ ਹੈ। ਇੱਥੇ ਅੱਜ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਇਕ ਫੈਸਲੇ ਰਾਹੀਂ ਦਿੱਲੀ ਵਿਚ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਫੈਸਲਾ ਲਿਆ ਤੇ ਇਸ ਵਾਸਤੇ ਉਮਰ ਹੱਦ ਤੇ ਹੋਰ ਸ਼ਰਤਾਂ ਵਿਚ ਨਰਮੀ ਦਿੱਤੀ ਹੈ ਤੇ ਹੁਣ ਇਸੇ ਤਰਜ਼ ’ਤੇ ਹਰਿਆਣਾ ਦੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਸੂਬੇ ਵਿਚ ਸ਼ਹੀਦ ਹੋਏ 121 ਸਿੱਖਾਂ ਦੇ ਪਰਿਵਾਰਾਂ ਦੇ ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਮੇਂ ਸਿਰ ਸਰਕਾਰ ਕੋਲ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਦੇ ਜੀਆਂ ਨੂੰ ਸਰਕਾਰੀ ਨੌਕਰੀਆਂ ਮਿਲ ਸਕਣ।