ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਜੂਨ
ਕੈਨੇਡਾ ਦੀ ਕੈਲਗਰੀ ਯੂਨੀਵਰਸਿਟੀ ਵਿੱਚ ਪੜ੍ਹਦੀ ਦਿੱਲੀ ਦੀ ਵਿਦਿਆਰਥਣ ਤਾਨੀਆ ਤਿਆਗੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਵੈਨਕੂਵਰ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਨੇ ਉਸ ਦੀ ਮੌਤ ਦੀ ਪੁਸ਼ਟੀ ਕਰਦਿਆਂ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਸ ਦੀ ਮੌਤ ਦੇ ਸਹੀ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਿਆ ਪਰ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਗਿਆ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। ਤਾਨੀਆ ਤਿਆਗੀ ਦੇ ਅਚਾਨਕ ਦੇਹਾਂਤ ਨਾਲ ਪਰਿਵਾਰ, ਦੋਸਤ ਅਤੇ ਭਾਰਤੀ ਭਾਈਚਾਰਾ ਸਦਮੇ ਵਿੱਚ ਹੈ। ਭਾਰਤੀ ਕੌਂਸੁਲੇਟ ਨੇ ਕਿਹਾ ਕਿ ਉਹ ਕੈਨੇਡੀਅਨ ਅਧਿਕਾਰੀਆਂ ਨਾਲ ਸੰਪਰਕ ਵਿੱਚ ਹਨ ਅਤੇ ਸੋਗ ਵਿੱਚ ਡੁੱਬੇ ਪਰਿਵਾਰ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਤਾਨੀਆ ਤਿਆਗੀ ਕੈਲਗਰੀ ਯੂਨੀਵਰਸਿਟੀ ਵਿੱਚ ਭੋਜਨ ਸੁਰੱਖਿਆ ਅਤੇ ਗੁਣਵੱਤਾ ਵਿੱਚ ਆਪਣੀ ਮਾਸਟਰ ਡਿਗਰੀ ਕਰ ਰਹੀ ਸੀ। ਉੱਤਰ-ਪੂਰਬੀ ਦਿੱਲੀ ਵਿੱਚ ਰਹਿਣ ਵਾਲੀ ਤਾਨੀਆ ਤਿਆਗੀ ਦਾ ਪਰਿਵਾਰ ਉਸ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਕਰ ਰਿਹਾ ਹੈ। ਬੀਜੇਵਾਈਐੱਮ ਦਿੱਲੀ ਦੇ ਆਈਟੀ ਮੁਖੀ ਇਸ਼ੂ ਤਿਆਗੀ ਨੇ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਅਪੀਲ ਵੀ ਕੀਤੀ ਹੈ ਤੇ ਤਾਨੀਆ ਦੇ ਪਰਿਵਾਰ ਨੇ ਸਹਾਇਤਾ ਲਈ ਪ੍ਰਧਾਨ ਮੰਤਰੀ ਦਫਤਰ (ਪੀਐਮਓ) ਅਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਤੱਕ ਪਹੁੰਚ ਕੀਤੀ ਹੈ। ਤਾਨੀਆ ਤਿਆਗੀ ਦੀ ਮੌਤ ਦੇ ਕਾਰਨਾਂ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ ਤੇ ਨਾ ਹੀ ਕੈਲਗਰੀ ਯੂਨੀਵਰਸਿਟੀ ਅਤੇ ਕੈਨੇਡੀਅਨ ਅਧਿਕਾਰੀਆਂ ਨੇ ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ ਹੈ।