DELHI WEATHER: ਦਿੱਲੀ ਵਾਸੀਆਂ ਨੂੰ ਅਤਿ ਦੀ ਗਰਮੀ ਦੋਂ ਰਾਹਤ ਮਿਲਣ ਦੀ ਆਸ
ਮੌਸਮ ਵਿਭਾਗ ਵੱਲੋਂ ਅਗਾਮੀ ਦਿਨਾਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ
ਦਿੱਲੀ ਵਿੱਚ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 22.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਇਸ ਮੌਸਮ ਦੇ ਔਸਤ ਤਾਪਮਾਨ ਨਾਲੋਂ 6.3 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿੱਚ ਅਸਮਾਨ ਵਿੱਚ ਹਲਕੀ ਬੱਦਲਵਾਈ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ ਗਰਜ ਚਮਕ ਨਾਲ ਮੀਂਹ ਵੀ ਪੈ ਸਕਦਾ ਹੈ। ਕੌਮੀ ਰਾਜਧਾਨੀ ਦੇ ਮੌਸਮ ਕੇਂਦਰਾਂ ਪਾਲਮ ਵਿੱਚ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂਕਿ ਲੋਧੀ ਰੋਡ ’ਤੇ ਇਹ 22.8 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 4.6 ਡਿਗਰੀ ਘੱਟ ਹੈ।
ਭਾਰਤ ਮੌਸਮ ਵਿਗਿਆਨ ਵਿਭਾਗ (ਆਈ ਐੱਮ ਡੀ) ਅਨੁਸਾਰ ਰਿਜ ਮੌਸਮ ਕੇਂਦਰ ਵਿੱਚ ਘੱਟੋ-ਘੱਟ ਤਾਪਮਾਨ 27.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 0.9 ਡਿਗਰੀ ਘੱਟ ਸੀ, ਆਯਾਨਗਰ ਵਿੱਚ ਤਾਪਮਾਨ 28.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.4 ਡਿਗਰੀ ਵੱਧ ਸੀ। ਮੌਸਮ ਵਿਭਾਗ ਨੇ ਅਸਮਾਨ ਵਿੱਚ ਹਲਕੀ ਬੱਦਲਵਾਈ ਰਹਿਣ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਲਗਪਗ 43.5 ਡਿਗਰੀ ਸੈਲਸੀਅਸ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ।
ਦਿੱਲੀ ਵਿੱਚ ਪ੍ਰਦੂਸ਼ਣ ਵਧਣ ਲੱਗਿਆ
ਨਵੀਂ ਦਿੱਲੀ (ਪੱਤਰ ਪ੍ਰੇਰਕ): ਬੁੱਧਵਾਰ ਨੂੰ ਸਵੇਰੇ 9.30 ਵਜੇ ਦਿੱਲੀ ਦਾ ਏ ਕਿਊ ਆਈ 167 ਦਰਜ ਕੀਤਾ ਗਿਆ। ਇਹ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ। ਐੱਨ ਸੀ ਆਰ ਦੇ ਸ਼ਹਿਰਾਂ ਵਿੱਚ ਵੀ ਹਵਾ ਦੀ ਗੁਣਵੱਤਾ ਤਸੱਲੀਬਖਸ਼ ਤੋਂ ਦਰਮਿਆਨੀ ਸ਼੍ਰੇਣੀ ਵਿੱਚ ਰਹੀ। ਇਹ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ ਦਿਨਾਂ ਵਿੱਚ ਇਸ ਵਿੱਚ ਕੋਈ ਖ਼ਾਸ ਬਦਲਾਅ ਨਹੀਂ ਆਵੇਗਾ। ਮੌਸਮ ਵਿਭਾਗ ਅਨੁਸਾਰ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਸਮੇਂ ਤਾਪਮਾਨ ਘਟ ਜਾਵੇਗਾ। ਇਸ ਦੌਰਾਨ ਦਿੱਲੀ ਦੀ ਹਵਾ ਦੀ ਗੁਣਵੱਤਾ ਦਰਮਿਆਨੀ ਸ਼੍ਰੇਣੀ ਵਿੱਚ ਬਣੀ ਹੋਈ ਹੈ। ਦਿੱਲੀ ਵਿੱਚ ਗਰਮੀ ਲਗਾਤਾਰ ਵਧ ਰਹੀ ਹੈ। ਬੱਦਲਾਂ ਅਤੇ ਤੇਜ਼ ਧੁੱਪ ਦੇ ਵਿਚਕਾਰ ਲੋਕ ਬਹੁਤ ਹੀ ਕਸੂਤੀ ਸਥਿਤੀ ਵਿੱਚ ਹਨ। ਉਨ੍ਹਾਂ ਨੂੰ ਏਅਰ ਕੰਡੀਸ਼ਨਿੰਗ ਤੋਂ ਬਿਨਾਂ ਕੋਈ ਰਾਹਤ ਨਹੀਂ ਮਿਲ ਰਹੀ।

