ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਜੂਨ
ਇੱਥੇ ਅੱਜ ਦਿਨ ਦੌਰਾਨ ਬੱਦਲਵਾਈ ਰਹੀ। ਬੱਦਲਵਾਈ ਹੋਣ ਨਾਲ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ। ਉਧਰ ਮੌਸਮ ਵਿਭਾਗ ਨੇ 16 ਜੂਨ ਤੋਂ ਤੂਫਾਨ ਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਵਾਸੀਆਂ ਨੂੰ ਅਗਲੇ ਦੋ ਦਿਨਾਂ ਵਿੱਚ ਸਰੀਰ ਲੂੰਹਦੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ ਕਿਉਂਕਿ ਭਾਰਤ ਮੌਸਮ ਵਿਭਾਗ (ਆਈਐਮਡੀ) ਨੇ 16 ਜੂਨ ਤੋਂ ਰਾਸ਼ਟਰੀ ਰਾਜਧਾਨੀ ਵਿੱਚ ਗਰਜ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਆਈਐੱਮਡੀ ਨੇ ਲਿਖਿਆ ਹੈ ਕਿ 16 ਅਤੇ 18 ਜੂਨ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਕਾਫ਼ੀ ਵਿਆਪਕ ਮੀਂਹ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 16 ਜੂਨ ਤੋਂ ਮੌਨਸੂਨ ਤੋਂ ਪਹਿਲਾਂ ਦੀਆਂ ਸਰਗਰਮੀਆਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਤੇ ਦਿੱਲੀ ਵਿੱਚ ਅੱਜ ਤੋਂ 20 ਜੂਨ ਤੱਕ ਇੱਕ ਹਫ਼ਤੇ ਤੱਕ ਮੀਂਹ ਤੇ ਤੂਫ਼ਾਨ ਰਹਿਣ ਦੀ ਸੰਭਾਵਨਾ ਹੈ। ਬੁੱਧਵਾਰ ਤੇ 16 ਜੂਨ ਤੋਂ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਹੈ। ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਅਗਲੇ ਦੋ-ਤਿੰਨ ਦਿਨਾਂ ਵਿੱਚ ਪਾਰਾ ਸੱਤ ਤੋਂ ਅੱਠ ਡਿਗਰੀ ਤੱਕ ਡਿੱਗ ਸਕਦਾ ਹੈ। ਮੰਗਲਵਾਰ ਸਵੇਰੇ ਘੱਟੋ-ਘੱਟ ਤਾਪਮਾਨ 31.2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਸ ਦੌਰਾਨ ਐਤਵਾਰ ਨੂੰ ਸ਼ਹਿਰ ਵਿੱਚ ਚਾਰ ਸਾਲਾਂ ਵਿੱਚ ਜੂਨ ਦੇ ਇੱਕ ਦਿਨ ਰਾਤ ਦਾ ਸਭ ਤੋਂ ਵੱਧ ਤਾਪਮਾਨ 32.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।