ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਮਾਰਚ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਦੀਆਂ ਉਪ ਚੋਣਾਂ ਵਿਚ ਦਿੱਲੀ ਦੇ ਲੋਕਾਂ ਨੇ ਪੂਰੀ ਤਰ੍ਹਾਂ ਭਾਜਪਾ ਨੂੰ ਹਰਾ ਦਿੱਤਾ ਹੈ ਅਤੇ ਕਾਂਗਰਸ ਪਾਰਟੀ ਨੇ 5 ਵਾਰਡਾਂ ਵਿਚੋਂ 1 ਵਿਚ ਜਿੱਤ ਹਾਸਲ ਕੀਤੀ ਹੈ। ਚੌਹਾਨ ਬਾਂਗਰ ਵਾਰਡ ਤੋਂ ਜੁਬੇਰ ਅਹਿਮਦ ਜੇਤੂ ਰਿਹਾ, ਜਿਸ ਨੂੰ 22,000 ਵੋਟਾਂ ਵਿਚੋਂ 16,500 ਵੋਟਾਂ ਪ੍ਰਾਪਤ ਹੋਈਆਂ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਦੀਆਂ ਉਪ ਚੋਣਾਂ ਵਿਚ ਕਾਂਗਰਸ ਨੂੰ 22 ਫ਼ੀਸਦ ਵੋਟਾਂ ਪ੍ਰਾਪਤ ਹੋਈਆਂ ਹਨ, ਜਦੋਂਕਿ ਇਨ੍ਹਾਂ ਵਾਰਡਾਂ ’ਤੇ 2020 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਿਰਫ 6 ਫ਼ੀਸਦ ਵੋਟਾਂ ਮਿਲੀਆਂ ਸਨ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਵੋਟ ਫ਼ੀਸਦ 10 ਫ਼ੀਸਦ ਤੇ ਆਮ ਆਦਮੀ ਪਾਰਟੀ ਦੀ ਵੋਟ ਫ਼ੀਸਦ 5.5 ਪ੍ਰਤੀਸ਼ਤ ਘੱਟ ਗਈ ਹੈ। ਇਸ ਮੌਕੇ ਜੇਤੂ ਉਮੀਦਵਾਰ ਜ਼ੁਬੇਰ ਅਹਿਮਦ ਸਮੇਤ ਹੋਰ ਕਈ ਆਗੂ ਹਾਜ਼ਰ ਸਨ। ਪ੍ਰਧਾਨ ਨੇ ਕਿਹਾ ਕਿ ਦਿੱਲੀ ਦੇ ਵੋਟਰਾਂ ਨੇ ਕਾਂਗਰਸ ਵਿਚ ਜੋ ਭਰੋਸਾ ਕਾਇਮ ਕੀਤਾ ਹੈ, ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਦਿੱਲੀ ਵਾਸੀ ਕਾਂਗਰਸ ਨੂੰ ਯਾਦ ਕਰ ਰਹੇ ਹਨ ਅਤੇ 2002 ਦੀ ਤਰ੍ਹਾਂ ਕਾਂਗਰਸ ਪਾਰਟੀ 2022 ਦੀ ਕਾਰਪੋਰੇਸ਼ਨ ਚੋਣ ਜਿੱਤ ਕੇ ਲੋਕਾਂ ਦੀ ਸੇਵਾ ਕਰੇਗੀ।
ਉਨ੍ਹਾਂ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ ਅਤੇ ਦਿੱਲੀ ਵਿੱਚ ਵਾਪਰੀ ਹਰ ਘਟਨਾ ਦਾ ਪ੍ਰਭਾਵ ਸਾਰੇ ਦੇਸ਼ ਉੱਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਲੋਕ ਅੰਦੋਲਨ ਤਹਿਤ ਲੋਕਾਂ ਤੱਕ ਪਹੁੰਚਾਇਆ ਹੈ ਅਤੇ ਭਾਜਪਾ ਵੱਲੋਂ ਕਿਸਾਨੀ ਅੰਦੋਲਨ, ਬੇਰੁਜ਼ਗਾਰੀ, ਭਾਈਚਾਰਾ ਖ਼ਤਮ ਕਰਨ ਦੀ ਸਾਜ਼ਿਸ਼ ਨੂੰ ਨਜ਼ਰਅੰਦਾਜ਼ ਕਰਨ ਕਾਰਨ ਭਾਜਪਾ ਦੀ ਨਾਕਾਰਾਤਮਕ ਸੋਚ ਨੇ ਦਿੱਲੀ ਦੇ ਲੋਕਾਂ ਨੂੰ ਮਜਬੂਰ ਕਰ ਦਿੱਤਾ ਹੈ ਤੇ ਭਾਜਪਾ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਘੱਟ ਗਿਣਤੀ ਭਾਈਚਾਰੇ ਨੇ ਕੇਜਰੀਵਾਲ ਤੇ ਭਾਜਪਾ ਨੂੰ ਨਕਾਰ ਦਿੱਤਾ ਹੈ।