ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ ਕੇ ਵੱਲੋਂ ਪੰਥਕ ਸੰਸਥਾਵਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਗੰਭੀਰ ਨੋਟਿਸ ਲੈਂਦਿਆਂ ਇਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਜਾਵੇ ਅਤੇ ਇਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖੇ ਪੱਤਰ ਵਿਚ ਸਿਰਸਾ ਨੇ ਕਿਹਾ ਕਿ ਇਨ੍ਹਾਂ ਤਿੰਨ ਸਾਬਕਾ ਪ੍ਰਧਾਨਾਂ ਵੱਲੋਂ ਪੰਥਕ ਸੰਸਥਾਵਾਂ ’ਤੇ ਪੰਥ ਵਿਰੋਧੀ ਤਾਕਤਾਂ ਅਤੇ ਸਰਕਾਰਾਂ ਦਾ ਕਬਜ਼ਾ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਜਿੱਥੇ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਦੇ ਉਪ ਰਾਜਪਾਲ ਨੂੰ ਪੱਤਰ ਲਿਖ ਕੇ ਦਿੱਲੀ ਗੁਰਦੁਆਰਾ ਕਮੇਟੀ ਦਾ ਕੰਟਰੋਲ ਸਰਕਾਰ ਦੇ ਕਬਜ਼ੇ ਅਧੀਨ ਲਿਆਉਣ ਵਾਸਤੇ ਕਿਹਾ ਹੈ, ਉੱਥੇ ਹੀ ਹਰਵਿੰਦਰ ਸਿੰਘ ਸਰਨਾ ਨੇ ਵੱਖ-ਵੱਖ ਅਦਾਲਤਾਂ ਵਿੱਚ ਕੇਸ ਪਾ ਕੇ ਕਮੇਟੀ ਦੇ ਜਨਰਲ ਹਾਊਸ ਤੇ ਕਾਰਜਕਾਰਨੀ ਦੇ ਗਠਨ ਦੇ ਰਾਹ ਵਿੱੱਚ ਰੁਕਾਵਟਾਂ ਪਾਈਆਂ ਹੋਈਆਂ ਹਨ।
ਹਾਲਾਂਕਿ ਕਮੇਟੀ ਦੀਆਂ ਚੋਣਾਂ ਹੋਏ ਦੋ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਸਗੋਂ ਸਰਨਾ ਭਰਾ ਹਮੇਸ਼ਾ ਹੀ ਸਿੱਖ ਕੌਮ ਦੇ ਵਿਰੁੱਧ ਕੋਝੀਆਂ ਸਾਜ਼ਿਸ਼ਾਂ ਰਚਦੇ ਰਹਿੰਦੇ ਹਨ।