ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਦੋ ਸਿੱਖਾਂ ਦੇ ਕਤਲ ਦਾ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕੇ ਅਤੇ ਪਾਕਿਸਤਾਨ ਸਰਕਾਰ ਨੁੰ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਵਾਸਤੇ ਆਖੇ। ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਲਿਖੇ ਪੱਤਰ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਉਨ੍ਹਾਂ ਨੂੰ ਪੇਸ਼ਾਵਰ ਵਿਚ ਦੋ ਸਿੱਖਾਂ ਦਾ ਕਤਲੇ ਕੀਤੇ ਜਾਣ ਦੇ ਮਾਮਲੇ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਸਿੱਖਾਂ ’ਤੇ ਹਮਲੇ ਦੀ ਪਹਿਲੀ ਘਟਨਾ ਨਹੀਂ ਹੈ ਅਤੇ 8 ਮਹੀਨੇ ਪਹਿਲਾਂ ਵੀ ਘੱਟ ਗਿਣਤੀ ਭਾਈਚਾਰੇ ’ਤੇ ਹਮਲਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪੇਸ਼ਾਵਰ ਵਿਚ ਸਿੱਖਾਂ ਨੁੰ ਡਰਾਉਣ ਲਈ ਇਹ ਕਤਲੇਆਮ ਕੀਤੇ ਜਾ ਰਹੇ ਹਨ ਅਤੇ ਪਾਕਿਸਤਾਨ ਵਿਚ ਹਿੰਦੂਆਂ ਤੇ ਸਿੱਖਾਂ ਸਮੇਤ ਘੱਟ ਗਿਣਤੀ ਭਾਈਚਾਰਾ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਚੁੱਕਣ।