ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਅਕਤੂਬਰ
ਭਾਜਪਾ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਉਪ ਰਾਜਪਾਲ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਵੱਲੋਂ ਗ੍ਰੀਨ ਪਟਾਕਿਆਂ ’ਤੇ ਲਗਾਈ ਗਈ ਪਾਬੰਦੀ ਨੂੰ ਹਟਾਉਣ ਦੀ ਮੰਗ ਕੀਤੀ ਹੈ। ਸ੍ਰੀ ਗੁਪਤਾ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਦਿੱਲੀ ਧਾਰਮਿਕ ਫੈਡਰੇਸ਼ਨ ਵੱਲੋਂ 28 ਸਤੰਬਰ ਨੂੰ ਇੱਕ ਪੱਤਰ ਲਿਖ ਕੇ ਦਸਹਿਰੇ ਦੇ ਤਿਉਹਾਰ ਮੌਕੇ ਪ੍ਰਦੂਸ਼ਣ ਰਹਿਤ ਪਟਾਕਿਆਂ ’ਤੇ ਲੱਗੀ ਪਾਬੰਦੀ ਹਟਾਉਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਉਣ ਲਈ ਕੋਈ ਰਾਹ ਲੱਭਣ ਦੀ ਲੋੜ ਹੈ ਤਾਂ ਜੋ ਦਿੱਲੀ ਦੇ ਲੋਕ ਦਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾ ਸਕਣ। ਭਾਜਪਾ ਆਗੂ ਨੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ।