ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਅਕਤੂਬਰ
ਦਿੱਲੀ ਯੂਨੀਵਰਸਿਟੀ ਨਾਲ ਜੁੜੀਆਂ ਵੱਖ-ਵੱਖ ਯੂਨੀਅਨਾਂ ਨੇ ਅੱਜ ਦਿੱਲੀ ਯੂਨੀਵਰਸਿਟੀ ਦੇ ਸੱਤਿਆਵਤੀ ਕਾਲਜ ਵਿੱਚ ਵਿਦਿਆਰਥੀਆਂ ਉੱਤੇ ਹੋਏ ਹਮਲੇ ਖ਼ਿਲਾਫ਼ ਆਰਟਸ ਫੈਕਲਟੀ, ਉੱਤਰੀ ਕੈਂਪਸ ਵਿੱਚ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਡੀਯੂ ਦੇ ਸੱਤਿਆਵਤੀ ਕਾਲਜ ਦੇ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਫੀਸਾਂ ਵਿੱਚ 200 ਫੀਸਦੀ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਅਨੁਸਾਰ ਏਬੀਵੀਪੀ ਨੇ ਚੱਲ ਰਹੇ ਧਰਨੇ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਉਹ ਅਜਿਹਾ ਕਰਨ ਵਿੱਚ ਕਾਮਯਾਬ ਨਹੀਂ ਹੋਏ ਤਾਂ ਏਬੀਵੀਪੀ ਦੇ ਗੁੰਡਿਆਂ ਨੇ ਵਿਦਿਆਰਥੀਆਂ ’ਤੇ ਹਮਲਾ ਕਰ ਦਿੱਤਾ। ਆਇਸਾ, ਕੇਵਾਈਸੀ, ਐਸਐਫਆਈ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ ’ਤੇ ਹਮਲਾ ਕਰਨ ਵਾਲੇ ਗੁੰਡਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ ਮਨਮਾਨੇ ਫੀਸ ਵਾਧੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਏਬੀਵੀਪੀ ਨੇ ਬਹੁ-ਗਿਣਤੀ ਵਿਦਿਆਰਥੀਆਂ ਦੇ ਹਿੱਤਾਂ ਵਿਰੁੱਧ ਯੂਨੀਵਰਸਿਟੀ ਪ੍ਰਸ਼ਾਸਨ ਦਾ ਸਮਰਥਨ ਕਰਕੇ ਆਪਣੇ ਵਿਦਿਆਰਥੀ ਵਿਰੋਧੀ ਕਿਰਦਾਰ ਨੂੰ ਵਾਰ-ਵਾਰ ਨੰਗਾ ਕੀਤਾ ਹੈ। ਉਨ੍ਹਾਂ ਕਿਹਾ ਕਿ ਫੀਸ ਵਿੱਚ ਵਾਧੇ ਨੂੰ ਦੇਸ਼ ਭਰ ਵਿੱਚ ਜਨਤਕ ਤੌਰ ’ਤੇ ਫੰਡ ਪ੍ਰਾਪਤ ਉੱਚ ਸਿੱਖਿਆ ਸੰਸਥਾਵਾਂ ਵਿੱਚ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) 2020 ਦੇ ਗੈਰ-ਜਮਹੂਰੀ ਅਮਲ ਦੇ ਸੰਦਰਭ ਵਿੱਚ ਦੇਖਿਆ ਜਾਣਾ ਚਾਹੀਦਾ ਹੈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਸਿੱਖਿਆ ਨੀਤੀ ਦੇ ਕਈ ਵਿਦਿਆਰਥੀ ਵਿਰੋਧੀ ਉਪਬੰਧ ਅਧਿਆਪਕਾਂ, ਵਿਦਿਆਰਥੀਆਂ ਦੀ ਸਲਾਹ ਤੋਂ ਬਿਨਾਂ ਸੰਸਥਾਵਾਂ ਵਿੱਚ ਲਿਆਂਦੇ ਗਏ ਹਨ। ਸਰਕਾਰ ਨੇ ਇਸ ਮਾਮਲੇ ‘ਤੇ ਕਿਸੇ ਵੀ ਵਿਰੋਧ ਦੀ ਆਵਾਜ਼ ਨੂੰ ਬੰਦ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਮੁਤਾਬਕ ਇਸ ਗੈਰ-ਜਮਹੂਰੀ ਰੁਝਾਨ ਨੂੰ ਸੱਤਿਆਵਤੀ ਕਾਲਜ ਵਿੱਚ ਫੀਸ ਵਾਧੇ ਦੇ ਵਿਰੋਧ ਦੇ ਮਾਮਲੇ ਵਿੱਚ ਦੇਖਿਆ ਜਾ ਸਕਦਾ ਹੈ।