ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਸਤੰਬਰ
‘ਆਪ’ ਵਿਧਾਇਕ ਸੋਮਨਾਥ ਭਾਰਤੀ ਦੀ ਬਰਖਾਸਤਗੀ ਨੂੰ ਲੈ ਕੇ ਭਾਜਪਾ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਦੋਸ਼ ਲਾਇਆ ਕਿ ਸਿਹਤ ਤੇ ਟਰਾਂਸਪੋਰਟ ਖੇਤਰ ਵਿੱਚ ਕਰੋੜਾਂ ਦੇ ਘਪਲੇ ਕਰਨ ਤੋਂ ਬਾਅਦ ਹੁਣ ਕੇਜਰੀਵਾਲ ਨੇ ਸਰਕਾਰੀ ਜ਼ਮੀਨਾਂ ਹੜੱਪ ਕੇ ਵੇਚਣੀਆਂ ਸ਼ੁਰੂ ਕਰ ਦਿੱਤੀਆਂ ਹਨ। ਮਾਲਵੀਆ ਨਗਰ ਇਲਾਕੇ ਵਿੱਚ ਸੋਮਨਾਥ ਭਾਰਤੀ ਨੇ ਕਬਰਿਸਤਾਨ ਦੀ ਜ਼ਮੀਨ ਵੇਚ ਕੇ ਡੀਡੀਏ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਵਿੱਚ ਵਿਰੋਧੀ ਧਿਰ ਦੇ ਆਗੂ ਰਾਮਵੀਰ ਸਿੰਘ ਬਿਧੂੜੀ, ਸੂਬਾ ਮੀਤ ਪ੍ਰਧਾਨ ਸ੍ਰੀ ਰਾਜਨ ਤਿਵਾੜੀ ਤੇ ਹੋਰ ਅਹੁਦੇਦਾਰ ਹਾਜ਼ਰ ਸਨ। ਸ੍ਰੀ ਗੁਪਤਾ ਨੇ ਕਿਹਾ ਕਿ ਕੇਜਰੀਵਾਲ ਦੇ ਖਾਸਮ-ਖਾਸ ਵਿਧਾਇਕ ਸੋਮਨਾਥ ਭਾਰਤੀ ਨੇ ਹੌਜ਼ ਖਾਸ ਇਲਾਕੇ ਦੇ ਮਸ਼ਹੂਰ ਡੀਅਰ ਪਾਰਕ ਦੇ ਇੱਕ ਕਰੋੜ ਰੁਪਏ ਦੇ ਹਿੱਸੇ ‘ਤੇ ਉਨ੍ਹਾਂ ਦੇ ਇਸ਼ਾਰੇ ’ਤੇ ਕਬਜ਼ਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਬਰਿਸਤਾਨ ਦੇ ਨਾਲ ਲੱਗਦੀ ਜ਼ਮੀਨ ’ਤੇ ਵਕਫ਼ ਬੋਰਡ ਦੇ ਸਹਿਯੋਗ ਨਾਲ ਕਬਜ਼ੇ ਦਾ ਕੰਮ ਕੀਤਾ ਗਿਆ ਹੈ ਜੋ ਅਸਲ ਵਿੱਚ ਡੀਡੀਏ ਦੀ ਜ਼ਮੀਨ ਹੈ। ਇਸ ਨੂੰ ‘ਲੈਂਡ ਜੇਹਾਦ’ ਦਾ ਨਾਂ ਦਿੰਦਿਆਂ ਸ੍ਰੀ ਗੁਪਤਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਾਸਮਖਾਸ ਸੋਮਨਾਥ ਭਾਰਤੀ ਨੇ ਸੱਤਾ ‘ਚ ਆਉਣ ਤੋਂ ਬਾਅਦ ਕੇਜਰੀਵਾਲ ਦੀ ਸਰਕਾਰ ਭ੍ਰਿਸ਼ਟਾਚਾਰ ਦੇ ਨਵੇਂ ਰਿਕਾਰਡ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਹੜੱਪਣ ਦੇ ਮਾਮਲੇ ’ਤੇ ‘ਆਪ’ ਦੇ ਆਗੂਆਂ ਖ਼ਿਲਾਫ਼ ਠੋਸ ਕਾਰਵਾਈ ਹੋਣ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਉਪ ਰਾਜਪਾਲ ਤੋਂ ਇਸ ਪੂਰੇ ਮਾਮਲੇ ਵਿੱਚ ਸ਼ਾਮਲ 5 ਮੁਲਜ਼ਮਾਂ ਨੂੰ ਸਜ਼ਾ ਦੇਣ ਦੀ ਮੰਗ ਵੀ ਕੀਤੀ ਹੈ।