ਵਿਦਿਆਰਥੀ ਜਥੇਬੰਦੀਆਂ ਵੱਲੋਂ ਖੱਟਰ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਅਗਸਤ
ਇੱਥੇ ਹਰਿਆਣਾ ਭਵਨ ਨੇੜੇ ਵੱਖ-ਵੱਖ ਨੌਜਵਾਨ ਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਨੂਹ ਹਿੰਸਾ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹਰਿਆਣਾ ਸਰਕਾਰ ’ਤੇ ਹਿੰਸਕ ਘਟਨਾਵਾਂ ਰੋਕਣ ਵਿਚ ਨਾਕਾਮ ਰਹਿਣ ਦੇ ਦੋਸ਼ ਲਾਏ। ਜਾਣਕਾਰੀ ਅਨੁਸਾਰ ਪ੍ਰਦਰਸ਼ਨ ਦੌਰਾਨ ਜਿਸ ਤਰ੍ਹਾਂ ਹੀ ਵਿਦਿਆਰਥੀ ਹਰਿਆਣਾ ਭਵਨ ਵੱਲ ਵਧਣ ਲੱਗੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਭਵਨ ਵੱਲ ਵੱਧਣ ਨਹੀਂ ਦਿੱਤਾ ਗਿਆ। ਇਸ ਦੌਰਾਨ ਕੁੱਝ ਦੇਰ ਲਈ ਇੰਡੀਆ ਗੇਟ, ਮੰਡੀ ਹਾਊਸ ਨੂੰ ਜਾਂਦੀ ਸੜਕ ਦੀ ਆਵਾਜਾਈ ਪ੍ਰਭਾਵਿਤ ਹੋਈ। ਰੋਸ ਮੁਜ਼ਾਹਰੇ ’ਚ ਕ੍ਰਾਂਤੀਕਾਰੀ ਯੁਵਾ ਸੰਗਠਨ ਸਮੇਤ ਐੱਸਆਈਐੱਫ, ਦਿਸ਼ਾ, ਬੀਐੱਸਸੀਈਐਮ ਆਦਿ ਜਥੇਬੰਦੀਆਂ ਦੇ ਕਾਰਕੁਨ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਫਿਰਕੂ ਹਿੰਸਾ ਦੀ ਪਹਿਲੀ ਘਟਨਾ 31 ਜੁਲਾਈ ਨੂੰ ਨੂਹ ਜ਼ਿਲ੍ਹੇ ਵਿੱਚ ਭੜਕੀ ਸੀ ਅਤੇ ਬਾਅਦ ਵਿੱਚ ਇਹ ਗੁਰੂਗ੍ਰਾਮ ਅਤੇ ਫਰੀਦਾਬਾਦ ਦੇ ਕਈ ਪਿੰਡਾਂ ਸਮੇਤ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਫੈਲ ਗਈ ਸੀ। ਉਨ੍ਹਾਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਲਈ ਜ਼ੋਰ ਦਿੱਤਾ। ਵਿਦਿਆਰਥੀ ਵਰਗ ਮੁਤਾਬਕ ਇਸ ਹਿੰਸਾ ਵਿੱਚ ਕਈ ਲੋਕਾਂ ਦੀ ਜਾਨ ਚਲੀ ਗਈ ਅਤੇ ਇਸ ਕਾਰਨ ਸੈਂਕੜੇ ਲੋਕ ਆਪਣੇ ਘਰ ਛੱਡਣ ਲਈ ਮਜਬੂਰ ਹੋ ਗਏ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਫਿਰਕੂ ਝੜਪਾਂ ਨੂੰ ਰੋਕਣ ਅਤੇ ਪ੍ਰਭਾਵਿਤ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਕੋਈ ਵੀ ਸੁਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ। ਫਿਰਕੂ ਤਾਕਤਾਂ ਵੱਲੋਂ ਖੁੱਲ੍ਹੀਆਂ ਧਮਕੀਆਂ ਅਤੇ ਭੜਕਾਊ ਭਾਸ਼ਣ ਸੂਬਾ ਸਰਕਾਰ ਦੀ ਨਾਕਾਮੀ ਨੂੰ ਨੰਗਾ ਕਰਦੇ ਹਨ। ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਹਿੰਸਾ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਫਿਰਕੂ ਝੜਪਾਂ ਦੀ ਕਿਸੇ ਵੀ ਘਟਨਾ ਨੂੰ ਰੋਕਣ ਅਤੇ ਘੱਟ ਗਿਣਤੀ ਭਾਈਚਾਰਿਆਂ ਨੂੰ ਜਬਰੀ ਉਜਾੜਨ ਦੇ ਖਤਰੇ ਤੋਂ ਬਚਾਉਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਜਾਣ ਅਤੇ ਇਸ ਹਿੰਸਾ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਫਰਤੀ ਭਾਸ਼ਣ ਦੇਣ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।