
ਭਾਜਪਾ ਆਗੂ ਜੇਪੀ ਨੱਢਾ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਂਦੀ ਹੋਈ ਪੁਲੀਸ। -ਫੋਟੋ: ਪੀਟੀਆਈ
ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਮਾਰਚ
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਵੱਲੋਂ ਰਾਹੁਲ ਗਾਂਧੀ ਅਤੇ ਕਾਂਗਰਸ ਵਿਰੁੱਧ ਕੀਤੀਆਂ ਗਈਆਂ ਟਿੱਪਣੀਆਂ ਨੂੰ ਲੈ ਕੇ ਭਾਰਤੀ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਅੱਜ ਇੱਥੇ ਨੱਢਾ ਦੀ ਰਿਹਾਇਸ਼ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦਿੱਲੀ ਪੁਲੀਸ ਨੇ ਕੁੱਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਬੀਵੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਆਲਮੀ ਪੱਧਰ ’ਤੇ ਬਦਨਾਮ ਕੀਤਾ ਹੈ। ਇਸ ਲਈ ਮੋਦੀ ਤੇ ਸਮੁੱਚੀ ਭਾਜਪਾ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਪ੍ਰਦਰਸ਼ਨ ਵਿੱਚ ਮਹਿਲਾ ਮੋਰਚੇ ਦੀਆਂ ਕਾਰਕੁੰਨਾਂ ਤੇ ਹੋਰ ਵਿੰਗਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ।
ਸ੍ਰੀਨਿਵਾਸ ਨੇ ਕਿਹਾ ਕਿ ਅੱਜ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਸੰਸਦ ਤੋਂ ਲੈ ਕੇ ਸੜਕ ਤੱਕ ਸਭ ਕੁਝ ਬੰਦ ਕਰਨ ਵਿੱਚ ਲੱਗੀ ਹੋਈ ਹੈ, ਜੋ ਬਹੁਤ ਸ਼ਰਮਨਾਕ ਕਾਰਾ ਹੈ। ਉਨ੍ਹਾਂ ਕਿਹਾ, ‘ਅਸੀਂ ਆਪਣੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਿੱਤੇ ਗਏ ਝੂਠੇ ਬਿਆਨਾਂ ਦਾ ਮੂੰਹ ਤੋੜ ਜਵਾਬ ਦਿੰਦੇ ਰਹਾਂਗੇ।’’ ਜ਼ਿਕਰਯੋਗ ਹੈ ਕਿ ਜੇਪੀ ਨੱਢਾ ਨੇ ਸ਼ੁੱਕਰਵਾਰ ਨੂੰ ਲੰਡਨ ’ਚ ਇਹ ਕਹਿਣ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਿਆ ਸੀ ਕਿ ‘ਭਾਰਤੀ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ।’
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ