ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਜੁਲਾਈ
ਦਿੱਲੀ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ, ਸੰਸਦ ਮੈਂਬਰ ਤੇ ਸਾਬਕਾ ਸੂਬਾ ਪ੍ਰਧਾਨ ਮਨੋਜ ਤਿਵਾੜੀ ਅਤੇ ਸੰਸਦ ਮੈਂਬਰ ਰਮੇਸ਼ ਬਿਧੂੜੀ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਯੁਵਾ ਮੋਰਚੇ ਨੇ ਅੱਜ ਚੰਦਗੀ ਰਾਮ ਅਖਾੜਾ ਨੇੜੇ ਸਤਿੰਦਰ ਜੈਨ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਇਸ ਮੌਕੇ ਕੇਜਰੀਵਾਲ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਵਾਸੂ ਰੁਖੜ ਦੀ ਅਗਵਾਈ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਵਿੱਚ ਯੁਵਾ ਮੋਰਚਾ ਵਰਕਰਾਂ ਨੇ ਸਤੇਂਦਰ ਜੈਨ ਦੀ ਬਰਖ਼ਾਸਤਗੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪੁਲੀਸ ਨੇ ਪ੍ਰਦਰਸ਼ਨ ਕਰ ਰਹੇ ਕਾਰਕੁਨਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਵਿਰੋਧੀ ਧਿਰ ਦੇ ਆਗੂ ਬਿਧੂੜੀ ਨੇ ਕਿਹਾ ਕਿ ਸਤਿੰਦਰ ਜੈਨ ਨੇ ਹਜ਼ਾਰਾਂ ਕਰੋੜ ਰੁਪਏ ਦੀਆਂ ਅਣ-ਅਧਿਕਾਰਤ ਕਲੋਨੀਆਂ ਦੀਆਂ ਜ਼ਮੀਨਾਂ ਖਰੀਦੀਆਂ ਹਨ ਜਿੱਥੇ ਖੇਤੀ ਹੁੰਦੀ ਸੀ। ਉਨ੍ਹਾਂ ਜ਼ਮੀਨਾਂ ਨੂੰ ਖਰੀਦ ਕੇ ਸੜਕਾਂ ਅਤੇ ਨਾਲੀਆਂ ਦਾ ਪ੍ਰਬੰਧ ਕੀਤਾ ਜਿਸ ਕਾਰਨ ਜੇ ਜ਼ਮੀਨ ਦੀ ਕੀਮਤ 500 ਰੁਪਏ ਪ੍ਰਤੀ ਗਜ਼ ਸੀ ਤਾਂ ਇਹ ਵਧ ਕੇ 50 ਹਜ਼ਾਰ ਰੁਪਏ ਪ੍ਰਤੀ ਗਜ਼ ਹੋ ਗਈ। ਉਸ ਨੂੰ ਜੇਲ੍ਹ ਭੇਜਣ ਵਾਲੀ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਇਹ ਦੇਸ਼ ਦਾ ਸਭ ਤੋਂ ਵੱਡਾ ਘੁਟਾਲਾ ਹੈ। ਸ੍ਰੀ ਬਿਧੂੜੀ ਨੇ ਕਿਹਾ ਕਿ ਕੇਜਰੀਵਾਲ ਨੇ ਉਨ੍ਹਾਂ ਨੂੰ ਅਜੇ ਤੱਕ ਬਰਖਾਸਤ ਨਹੀਂ ਕੀਤਾ। ਦਿੱਲੀ ਦੇ ਟਰਾਂਸਪੋਰਟ ਵਿਭਾਗ ਵਿੱਚ ਵੀ 5000 ਕਰੋੜ ਰੁਪਏ ਦੀ ਸੀਬੀਆਈ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜਾਣਕਾਰੀ ਮਿਲੇਗੀ। ਕੇਜਰੀਵਾਲ ਨੇ ਮਾਸਟਰ ਪਲਾਨ ਦੀ ਉਲੰਘਣਾ ਕਰਕੇ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਰਾਬ ਦੇ ਠੇਕੇ ਖੋਲ੍ਹੇ, ਜਿਸ ਲਈ ਸ਼ਰਾਬ ਦੇ ਠੇਕੇਦਾਰਾਂ ਤੋਂ ਕਰੀਬ 5000 ਕਰੋੜ ਰੁਪਏ ਵਸੂਲ ਕੀਤੇ ਗਏ। ਇੰਨਾ ਹੀ ਨਹੀਂ ਸਰਕਾਰੀ ਸ਼ਰਾਬ ਦੇ ਠੇਕਿਆਂ ’ਤੇ ਕੰਮ ਕਰਨ ਵਾਲਿਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਇਸ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਲਈ ਮਨੀਸ਼ ਸਿਸੋਦੀਆ ਵੀ ਜੇਲ੍ਹ ਦੇ ਅੰਦਰ ਹੋਣਗੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਹੋਰ ਵਿਭਾਗਾਂ ਵਿੱਚ ਵੀ ਕਈ ਘੁਟਾਲੇ ਹੋ ਰਹੇ ਹਨ, ਜਿਸ ਬਾਰੇ ਦਿੱਲੀ ਦੇ ਉਪ ਰਾਜਪਾਲ ਨੂੰ ਜਾਣੂ ਕਰਵਾ ਦਿੱਤਾ ਹੈ। ਸ੍ਰੀ ਮਨੋਜ ਤਿਵਾੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੀ ਇੱਕੋ ਇੱਕ ਪਾਰਟੀ ਹੈ ਜਿਸ ਦੀ ਦੋ ਰਾਜਾਂ ਵਿੱਚ ਸਰਕਾਰਾਂ ਹਨ ਅਤੇ ਉਨ੍ਹਾਂ ਦੋ ਰਾਜਾਂ ਦੇ ਸਿਹਤ ਮੰਤਰੀ ਜੇਲ੍ਹ ਵਿੱਚ ਹਨ।