ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਨਵੰਬਰ
ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਸੁਰੇਸ਼ ਕੁਮਾਰ ਨੇ ਕਿਹਾ ਕਿ ਦਿੱਲੀ ਵਿੱਚ ਡੇਂਗੂ ਦੇ ਕੇਸਾਂ ਦੀ ਗਿਣਤੀ ਸਥਿਰ ਹੋ ਗਈ ਹੈ ਅਤੇ ਅਗਲੇ ਦੋ ਜਾਂ ਤਿੰਨ ਦਿਨਾਂ ਵਿੱਚ ਘੱਟ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਮੱਛਰਾਂ ਦੀ ਪੈਦਾਇਸ਼ ਘੱਟਦੀ ਹੈ। ਇੱਕ ਰਿਪੋਰਟ ਅਨੁਸਾਰ ਵਾਇਰਲ ਬਿਮਾਰੀ ਦੇ 2,700 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ ਤੇ ਰਾਜਧਾਨੀ ਵਿੱਚ 6 ਨਵੰਬਰ ਤੱਕ ਸਬੰਧਤ ਮੌਤਾਂ ਦੀ ਗਿਣਤੀ ਨੌਂ ਤੱਕ ਪਹੁੰਚ ਗਈ ਹੈ। ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਸ਼ਹਿਰ ਵਿੱਚ 2017 ਤੋਂ ਬਾਅਦ ਮੌਜੂਦਾ ਸਮੇਂ ਲਈ ਸਭ ਤੋਂ ਵੱਧ ਗਿਣਤੀ ਦੇਖੀ ਗਈ ਹੈ। ਸੁਰੇਸ਼ ਕੁਮਾਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਹਵਾ ਪ੍ਰਦੂਸ਼ਿਤ ਹੁੰਦੀ ਹੈ ਤਾਂ ਕਰੋਨਾਵਾਇਰਸ ਸਮੇਤ ਸਾਰੇ ਵਾਇਰਸ ਵਾਤਾਵਰਨ ਵਿੱਚ ਲੰਬੇ ਸਮੇਂ ਤੱਕ ਰਹਿਣਗੇ।