DESGPC: ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਵੱਖ-ਵੱਖ ਥਾਈਂ ਸਮਾਗਮ; ਦਿੱਲੀ ਕਮੇਟੀ ਵੱਲੋਂ ਰਾਗੀਆਂ ਦਾ ਸ਼੍ਰੋਮਣੀ ਕੀਰਤਨੀਆ ਐਵਾਰਡ ਨਾਲ ਸਨਮਾਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਬਾਲਾ ਸਾਹਿਬ, ਗੁਰਦੁਆਰਾ ਰਕਾਬਗੰਜ ਸਾਹਿਬ ਤੇ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਗੁਰਮਤਿ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਰਾਗੀ ਸਿੰਘਾਂ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਇਸ ਸਬੰਧੀ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਮੁੱਖ ਗੁਰਮਤਿ ਸਮਾਗਮ ਹੋਇਆ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਬਾਲ ਉਮਰ ਵਿਚ ਹੀ ਦਿੱਲੀ ਦੀ ਸੰਗਤ ’ਤੇ ਪਰਉਪਕਾਰ ਕਰਦੇ ਹੋਏ ਚੇਚਕ ਦੀ ਬਿਮਾਰੀ ਦਾ ਇਲਾਜ ਸ਼ੁਰੂ ਕਰ ਦਿੱਤਾ। ਅੱਜ ਵੀ ਲੱਖਾਂ ਹੀ ਸੰਗਤਾਂ ਗੁਰਦੁਆਰਾ ਬੰਗਲਾ ਸਾਹਿਬ ਵਿਚ ਰੋਜ਼ਾਨਾ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਰਾਗਾਂ ਵਿਚ ਕੀਰਤਨ ਕਰਨ ਵਾਲੇ ਰਾਗੀ ਸਿੰਘਾਂ ਵਿਚੋਂ ਚੁਣੇ ਜਾਣ ਵਾਲੇ ਕੀਰਤਨੀ ਸਿੰਘਾਂ ਨੂੰ ਸ਼੍ਰੋਮਣੀ ਕੀਰਤਨੀਆ ਐਵਾਰਡ ਦੇਣ ਦਾ ਫੈਸਲਾ ਕੀਤਾ ਗਿਆ। ਇਸ ਵਾਸਤੇ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਜਿਸ ਵਿਚ ਦੇਸ਼ ਵਿਦੇਸ਼ ਦੇ ਮਾਹਿਰ ਸ਼ਾਮਲ ਕੀਤੇ ਗਏ। ਉਨ੍ਹਾਂ ਕਿਹਾ ਕਿ ਕਮੇਟੀ ਦੇ ਫੈਸਲੇ ਮੁਤਾਬਕ ਹੀ ਪਹਿਲਾ ਐਵਾਰਡ ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਦਿੱਤਾ ਗਿਆ ਜਿਸ ਤਹਿਤ 11 ਲੱਖ ਦਾ ਇਨਾਮ ਦਿੱਤਾ ਗਿਆ। ਇਸੇ ਤਰ੍ਹਾਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਕੀਰਤਨੀਏ ਐਵਾਰਡ ਦਿੱਤਾ ਗਿਆ ਹੈ।
ਪ੍ਰਕਾਸ਼ ਪੁਰਬ ਮਨਾਇਆ
ਨਰਾਇਣਗੜ੍ਹ (ਪੱਤਰ ਪ੍ਰੇਰਕ): ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਵਿਖੇ ਬਹੁਤ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਨੇ ਸੰਗਤ ਨੂੰ ਕਥਾ ਕੀਰਤਨ ਤੇ ਗੁਰੂ ਇਤਿਹਾਸ ਸੁਣਾ ਨਿਹਾਲ ਕੀਤਾ। ਸਕੱਤਰ ਨੇ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ, ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਜੀਵਨ ’ਤੇ ਚਾਨਣਾ ਪਾਇਆ। ਇਸ ਮੌਕੇ ਸੁਰਜੀਤ ਸਿੰਘ, ਰਾਜਾ ਭਾਟੀਆ, ਗਗਨਦੀਪ ਸਿੰਘ, ਡਾਕਟਰ ਗੁਰਚਰਨ ਸਿੰਘ, ਮਨੋਹਰ ਲਾਲ ਚਾਨਣਾ ਆਦਿ ਹਾਜ਼ਰ ਸਨ।

