ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਅਕਤੂਬਰ
ਭਾਜਪਾ ਦੇ ਯੂਥ ਆਗੂ ਪ੍ਰਤੀਕ ਸਿੰਘ ਜਾਨੂੰ ਵੱਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ ਵਿਚ ਆਉਣ ਵਾਲੇ ਸਮੇਂ ਵਿੱਚ ਹੋਣ ਜਾ ਰਹੀਆਂ ਦਿੱਲੀ ਨਗਰ ਨਿਗਮਾਂ ਬਾਰੇ ਚਰਚਾ ਕੀਤੀ ਗਈ। ਸ੍ਰੀ ਜਾਨੂੰ ਨੇ ਦੱਸਿਆ ਕਿ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਲਈ ਭਾਜਪਾ ਨੇ ਤਿਆਰੀ ਵਿੱਢ ਦਿੱਤੀ ਹੈ ਤੇ ਬੀਤੇ ਸਾਲਾਂ ਦੌਰਾਨ ਕੇਂਦਰ ਸਰਕਾਰ ਤੇ ਦਿੱਲੀ ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੈ ਕੇ ਕਾਰਕੁਨਾਂ ਵਿੱਚ ਭਾਰੀ ਉਤਸ਼ਾਹ ਹੈ। ਦਿੱਲੀ ਵਿੱਚ ਬਹੁਸਿੱਖ ਵਸੋਂ ਵਾਲੇ ਨਿਗਮ ਵਾਰਡਾਂ ਵਿੱਚ ਭਾਜਪਾ ਦੇ ਸਿੱਖ ਆਗੂ ਸਰਗਰਮ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀਆਂ ਵੱਲੋਂ ਨਿਗਮ ਚੋਣਾਂ ਲਈ ਕਾਰਕੁਨਾਂ ਦੀਆਂ ਡਿਊਟੀਆਂ ਲਾਉਣ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ। ਨਿਗਮ ਚੋਣਾਂ ਦਸੰਬਰ 2022 ਜਾਂ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਦੀ ਉਮੀਦ ਹੈ।