ਡਿਵਾਈਨ ਸਕੂਲ ’ਚ ਦੀਵਾਲੀ ਮਨਾਈ
ਇੱਥੋਂ ਦੇ ਡਿਵਾਈਨ ਪਬਲਿਕ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਪ੍ਰੋਗਰਾਮ ਦੀ ਸ਼ੁਰੂਆਤ ਮਾਂ ਲਕਸ਼ਮੀ ਅਤੇ ਭਗਵਾਨ ਗਣੇਸ਼ ਜੀ ਦੀ ਪੂਜਾ ਅਤੇ ਦੀਪ ਜਗਾ ਕੇ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਬੰਧਕ ਡਾ. ਗੁਰਦੀਪ ਸਿੰਘ ਹੇਅਰ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਧਨਤੇਰਸ, ਦੀਵਾਲੀ, ਗੋਵਰਧਨ ਪੂਜਾ, ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਬੱਚਿਆਂ ਨੂੰ ਸਾਫ਼-ਸੁਥਰੀ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਦੀਵੇ ਬਣਾਉਣ, ਮੋਮਬੱਤੀ ਸਜਾਵਟ, ਰੰਗੋਲੀ ਅਤੇ ਤੋਰਨ ਬਣਾਉਣ ਵਰਗੀਆਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਕੈਂਪਸ ਨੂੰ ਬੱਚਿਆਂ ਵੱਲੋਂ ਬਣਾਏ ਗਏ ਰੰਗੀਨ ਦੀਵਿਆਂ ਅਤੇ ਸੁੰਦਰ ਮੋਮਬੱਤੀਆਂ ਨਾਲ ਸਜਾਇਆ ਗਿਆ ਸੀ। ਇਸ ਤੋਂ ਇਲਾਵਾ ਬੱਚਿਆਂ ਨੇ ਕਈ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ, ਜਿਨ੍ਹਾਂ ਵਿੱਚੋਂ ‘ਰਾਮਾਇਣ ਕੋਰੀਓਗ੍ਰਾਫੀ’ ਖਿੱਚ ਦਾ ਮੁੱਖ ਕੇਂਦਰ ਰਹੀ।
ਸਕੂਲ ਦੀ ਪ੍ਰਿੰਸੀਪਲ ਰਾਜਿੰਦਰ ਖੁੱਬੜ ਅਤੇ ਮੀਤ ਪ੍ਰਿੰਸੀਪਲ ਮੁਨੀਸ਼ ਮਲਿਕ ਨੇ ਬੱਚਿਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿੱਚ ਰਚਨਾਤਮਕਤਾ, ਸਵਦੇਸ਼ੀ ਕਲਾ ਪ੍ਰਤੀ ਦਿਲਚਸਪੀ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਦੀਆਂ ਹਨ। ਇਸ ਮੌਕੇ ਮੌਜੂਦ ਹਰ ਕਿਸੇ ਨੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੀ ਭਰਪੂਰ ਪ੍ਰਸ਼ੰਸਾ ਕੀਤੀ।