ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਅਕਤੂਬਰ
ਰਾਸ਼ਟਰੀ ਸਵੈਮ ਸੇਵਕ ਸੰਘ ਦੇ ਆਰਥਿਕ ਵਿੰਗ ਸਵਦੇਸ਼ੀ ਜਾਗਰਣ ਮੰਚ (ਐੱਸਜੇਐੱਮ) ਨੇ ਦੀਵਾਲੀ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਪਟਾਕਿਆਂ ‘ਤੇ ਪੂਰਨ ਪਾਬੰਦੀ ਦਾ ਸਖ਼ਤ ਵਿਰੋਧ ਕੀਤਾ ਹੈ। ਕੇਜਰੀਵਾਲ ਸਰਕਾਰ ਦੀ ਨਿਖੇਧੀ ਕਰਦੇ ਹੋਏ ਮੰਚ ਨੇ ਕਿਹਾ ਕਿ ਇਸ ਪਾਬੰਦੀ ਨੇ ਦੇਸ਼ ਭਰ ਵਿੱਚ ਪਟਾਕਿਆਂ ਦੇ ਉਤਪਾਦਨ ਅਤੇ ਵੰਡ ਵਿੱਚ ਲੱਗੇ ਲੱਖਾਂ ਮਜ਼ਦੂਰਾਂ ਅਤੇ ਹੋਰਾਂ ਦੇ ਰੁਜ਼ਗਾਰ ਨੂੰ ਵੀ ਸੱਟ ਮਾਰੀ ਹੈ। ਇਸ ਨੇ ਹੋਰ ਰਾਜ ਸਰਕਾਰਾਂ ਨੂੰ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਦੇ ਸੰਦਰਭ ਵਿੱਚ ਝੂਠੇ ਪ੍ਰਚਾਰ ਨੂੰ ਦਰਕਿਨਾਰ ਕਰਦੇ ਹੋਏ ਦੀਵਾਲੀ ਦੇ ਮੌਕੇ ‘ਤੇ ਪਟਾਕਿਆਂ ‘ਤੇ ਪੂਰਨ ਪਾਬੰਦੀ ਤੋਂ ਬਚਣ ਦੀ ਅਪੀਲ ਕੀਤੀ ਹੈ। ਪਿਛਲੇ ਕੁਝ ਸਮੇਂ ਤੋਂ ਬਿਨਾਂ ਕਿਸੇ ਤੱਥਹੀਣ ਜਾਣਕਾਰੀ ਦੇ ਸਰਕਾਰਾਂ ਦੀਵਾਲੀ ਦੇ ਮੌਕੇ ‘ਤੇ ਹਰ ਤਰ੍ਹਾਂ ਦੇ ਪਟਾਕਿਆਂ ‘ਤੇ ਪਾਬੰਦੀ ਲਗਾਉਣ ਵਰਗੀਆਂ ਕਾਰਵਾਈਆਂ ਕਰ ਰਹੀਆਂ ਹਨ ਜੋ ਕਿ ਲੋਕਾਂ ਦੀਆਂ ਭਾਵਨਾਵਾਂ ‘ਤੇ ਹਮਲਾ ਹੈ।