ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਸਤੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਹਰ ਭਾਰਤੀ ਨੂੰ ਦੇਸ਼ ਅਤੇ ਹਰ ਦੇਸ਼ ਵਾਸੀ ਲਈ ਖੂਨਦਾਨ ਕਰਨ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ 28 ਸਤੰਬਰ ਅਮਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਹੈ। ਇਸ ਮੌਕੇ ਦਿੱਲੀ ਸਰਕਾਰ ਵੱਲੋਂ ਦਿੱਲੀ ਵਿੱਚ 50 ਤੋਂ ਵੱਧ ਥਾਵਾਂ ’ਤੇ ਵਿਸ਼ੇਸ਼ ਖੂਨਦਾਨ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ, ‘‘ਸ਼ਹੀਦ-ਏ-ਆਜ਼ਮ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਆਓ ਆਪਾਂ ਸਾਰੇ ਵੀ ਉਨ੍ਹਾਂ ਦੇ ਜਨਮ ਦਿਨ ’ਤੇ ਖੂਨਦਾਨ ਕਰ ਕੇ ਲੋੜਵੰਦਾਂ ਦੀ ਮਦਦ ਕਰੀਏ।’’
ਉਨ੍ਹਾਂ ਦੇਸ਼ ਭਰ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਹੋ ਸਕੇ ਤਾਂ ਖੂਨਦਾਨ ਕੈਂਪ ਲਗਾਉਣ ਅਤੇ ਜੋ ਲੋਕ ਖੂਨਦਾਨ ਕਰ ਸਕਦੇ ਹਨ, ਉਹ ਜ਼ਰੂਰ ਕਰਨ। ਇਹ ਕੈਂਪ ਸਿਰਫ਼ ਆਮ ਆਦਮੀ ਪਾਰਟੀ ਦਾ ਹੀ ਨਹੀਂ, ਸਗੋਂ ਸਾਰੀਆਂ ਪਾਰਟੀਆਂ ਦੇ ਲੋਕ ਇਕੱਠੇ ਹੋ ਕੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਖ਼ੂਨਦਾਨ ਕਰ ਕੇ ਸੱਚੀ ਸ਼ਰਧਾਂਜਲੀ ਭੇਟ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ 130 ਕਰੋੜ ਭਾਰਤੀ ਇਸ ਤਰ੍ਹਾਂ ਮਿਲ ਕੇ ਕੰਮ ਕਰਨਗੇ ਤਾਂ ਸਾਡਾ ਭਾਰਤ ਨੰਬਰ ਇਕ ਬਣ ਜਾਵੇਗਾ। ਉਹ ਅੱਜ ਇੱਕ ਡਿਜੀਟਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, ‘‘ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਨੂੰ ਹੈ। ਸ਼ਹੀਦ ਭਗਤ ਸਿੰਘ ਇਤਿਹਾਸ ਦੀ ਇੱਕ ਅਜਿਹੀ ਸ਼ਖਸੀਅਤ ਹੈ ਜਿਸ ਨੇ ਪਿਛਲੇ 100 ਸਾਲਾਂ ਤੋਂ ਸਾਡੇ ਦੇਸ਼ ਦੇ ਕਰੋੜਾਂ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹੈ। ਉਸ ਨੇ 23 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਸਭ ਤੋਂ ਵੱਡੀ ਕੁਰਬਾਨੀ ਦਿੱਤੀ। 23 ਸਾਲ ਦੀ ਉਮਰ ਵਿੱਚ ਦੇਸ਼ ਲਈ ਹੱਸਦੇ ਹੋਏ ਫਾਂਸੀ ’ਤੇ ਚੜ੍ਹ ਗਏ। ਆਮ ਆਦਮੀ ਪਾਰਟੀ ਤੇ ਸਾਡੀਆਂ ਦਿੱਲੀ ਅਤੇ ਪੰਜਾਬ ਦੀਆਂ ਸਰਕਾਰਾਂ ਅਮਰ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਵਿਚਾਰਾਂ ਦੇ ਦਰਸਾਏ ਮਾਰਗ ’ਤੇ ਚੱਲ ਰਹੀਆਂ ਹਨ। ਲੋਕ ਖੂਨਦਾਨ ਕਰ ਸਕਦੇ ਹਨ, ਹਰ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਸ਼ੂਗਰ ਅਤੇ ਘੱਟ ਵਜ਼ਨ ਸਮੇਤ ਕੁਝ ਸ਼੍ਰੇਣੀਆਂ ਹਨ, ਜਿਨ੍ਹਾਂ ਵਿੱਚ ਸ਼ਾਮਲ ਲੋਕ ਖੂਨਦਾਨ ਨਹੀਂ ਕਰ ਸਕਦੇ ਪਰ ਜਿਹੜੇ ਲੋਕ ਪੂਰੇ ਦੇਸ਼ ਅੰਦਰ ਖੂਨਦਾਨ ਕਰ ਸਕਦੇ ਹਨ, ਉਨ੍ਹਾਂ ਸਾਰੇ ਲੋਕਾਂ ਨੂੰ ਉਸ ਦਿਨ ਖੂਨਦਾਨ ਕਰਨਾ ਚਾਹੀਦਾ ਹੈ।’’