ਨਵੀਂ ਦਿੱਲੀ, 2 ਜੂਨ
ਦਿੱਲੀ ਹਾਈ ਕੋਰਟ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਦਰਜ ਕੇਸ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ‘ਆਪ’ ਆਗੂ ਵਿਜੈ ਨਾਇਰ ਦੀਆਂ ਨਿਯਮਤ ਜ਼ਮਾਨਤ ਨਾਲ ਸਬੰਧਤ ਪਟੀਸ਼ਨਾਂ ‘ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਤੋਂ ਪਹਿਲਾਂ ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਦੇ ਇਸੇ ਬੈਂਚ ਨੇ ਹੈਦਰਾਬਾਦ ਅਧਾਰਿਤ ਕਾਰੋਬਾਰੀ ਅਭਿਸ਼ੇਕ ਬੋਇਨਪੱਲੀ ਦੀ ਪਟੀਸ਼ਨ ‘ਤੇ ਵੀ ਫੈਸਲਾ ਰਾਖਵਾਂ ਰੱਖ ਲਿਆ ਸੀ। ਟਰਾਇਲ ਕੋਰਟ ਹਾਲਾਂਕਿ ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਚੁੱਕੀ ਹੈ। ਇਸ ਦੌਰਾਨ ਦਿੱਲੀ ਕੋਰਟ ਨੇ ਸੀਬੀਆਈ ਨੂੰ ਆਬਕਾਰੀ ਨੀਤੀ ਕੇਸ ਵਿੱਚ ਮੁਲਜ਼ਮ ‘ਆਪ’ ਆਗੂ ਮਨੀਸ਼ ਸਿਸੋਦੀਆ ਤੇ ਤਿੰਨ ਹੋਰਨਾਂ ਨੂੰ ਚਾਰਜਸ਼ੀਟ ਤੇ ਸਪਲੀਮੈਂਟਰੀ ਚਾਰਜਸ਼ੀਟ ਸਣੇ ਹੋਰ ਦਸਤਾਵੇਜ਼ਾਂ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਹੈ। ਤਿੰਨ ਹੋਰ ਮੁਲਜ਼ਮਾਂ ‘ਚ ਹੈਦਰਾਬਾਦ ਅਧਾਰਿਤ ਅਕਾਊਂਟੈਂਟ ਬੁੱਚੀ ਬਾਬੂ ਗੋਰਾਂਟਲਾ, ਸ਼ਰਾਬ ਕਾਰੋਬਾਰੀ ਅਮਨਦੀਪ ਸਿੰਘ ਢੱਲ ਤੇ ਨਿੱਜੀ ਵਿਅਕਤੀ ਅਰਜੁਨ ਪਾਂਡੇ ਸ਼ਾਮਲ ਹਨ। ਸੀਬੀਆਈ ਨੇ ਕੇਸ ‘ਚ 27 ਮਈ ਨੂੰ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਸੀ। -ਪੀਟੀਆਈ
ਸਿਸੋਦੀਆ ਨੂੰ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ‘ਆਪ’ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਤਿਹਾੜ ਜੇਲ੍ਹ ਦੇ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਉਹ ਸਿਸੋਦੀਆ ਨੂੰ ਸ਼ਨਿੱਚਰਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਉਨ੍ਹਾਂ ਦੀ ਰਿਹਾਇਸ਼ ‘ਤੇ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇਣ। ਹਾਈ ਕੋਰਟ ਨੇ ਹਾਲਾਂਕਿ ਸਾਫ਼ ਕਰ ਦਿੱਤਾ ਕਿ ਇਸ ਦੌਰਾਨ ਸਿਸੋਦੀਆ ਆਪਣੇ ਪਰਿਵਾਰਕ ਮੈਂਬਰਾਂ ਤੋਂ ਛੁੱਟ ਮੀਡੀਆ ਜਾਂ ਕਿਸੇ ਹੋਰ ਵਿਅਕਤੀ ਨੂੰ ਨਹੀਂ ਮਿਲਣਗੇ ਅਤੇ ਨਾ ਹੀ ਫੋਨ ਜਾਂ ਇੰਟਰਨੈੱਟ ਦੀ ਵਰਤੋਂ ਕਰਨਗੇ। -ਪੀਟੀਆਈ