ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੀ ਮਾਨਤਾ ਰੱਦ ਕਰਨ ਸਬੰਧੀ ਦਿੱਲੀ ਦੇ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ ਕਰ ਕੇ 10 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਇਹ ਨੋਟਿਸ ਸਕੂਲ ਦੇ ਅਮਲੇ ਨੂੰ ਛੇਵਾਂ ਤੇ ਸੱਤਵਾਂ ਤਨਖ਼ਾਹ ਕਮਿਸ਼ਨ ਨਾ ਦਿੱਤੇ ਣ ਕਾਰਨ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਨੂੰ ਵੀ ਅਜਿਹਾ ਹੀ ਇੱਕ ਨੋਟਿਸ ਜਾਰੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਦਿੱਲੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ 13 ਸ਼ਾਖਾਵਾਂ ਦੇ ਸਮੁੱਚੇ ਅਮਲੇ ਨੂੰ ਪਹਿਲਾਂ ਸਰਨਾ ਭਰਾਵਾਂ ਦੀ ਅਗਵਾਈ ਵਾਲੀ ਕਮੇਟੀ ਨੇ ਕਥਿਤ ਤੌਰ ’ਤੇ ਛੇਵਾਂ ਤਨਖ਼ਾਹ ਕਮਿਸ਼ਨ ਦੇਣ ਵਿੱਚ ਬੇਲੋੜੀ ਦੇਰੀ ਕੀਤੀ, ਜਿਸ ਕਾਰਨ ਵੱਡੀ ਰਕਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲ ਖੜ੍ਹੀ ਹੋ ਗਈ ਸੀ। ਫਿਰ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠਲੀ ਕਮੇਟੀ ਦੀਆਂ ਆਮ ਚੋਣਾਂ ਦੌਰਾਨ ਸਕੂਲਾਂ ਦੇ ਅਮਲੇ ਨੂੰ ਤਨਖ਼ਾਹ ਕਮਿਸ਼ਨ ਦੇ ਬਕਾਏ ਦੇਣ ਦਾ ਵਾਅਦਾ ਕੀਤਾ ਗਿਆ ਪਰ ਜਿੱਤਣ ਮਗਰੋਂ ਸਾਰਾ ਬਕਾਇਆ ਨਾ ਦੇ ਕੇ ਕੁੱਝ ਫ਼ੀਸਦੀ ਦੇਣ ਲਈ ਬਹੁਤ ਸਾਰੇ ਅਧਿਆਪਕਾਂ ਨੂੰ ਮਨਾ ਲਿਆ ਗਿਆ ਸੀ। ਇਸੇ ਦੌਰਾਨ ਸੱਤਵਾਂ ਤਨਖ਼ਾਹ ਕਮਿਸ਼ਨ ਵੀ ਲਾਗੂ ਹੋ ਗਿਆ ਤੇ ਉਸ ਦੇ ਕਰੋੜਾਂ ਰੁਪਏ ਦੀ ਬਕਾਇਆ ਰਕਮ ਦਿੱਲੀ ਕਮੇਟੀ ਵੱਲ ਬਣ ਗਈ। ਮਨਜਿੰਦਰ ਸਿੰਘ ਸਿਰਸਾ ਦੇ ਕਾਰਜਕਾਲ ਦੌਰਾਨ ਵੀ ਤਨਖ਼ਾਹ ਕਮਿਸ਼ਨ ਦੇ ਬਕਾਏ ਪੂਰੀ ਤਰ੍ਹਾਂ ਨਹੀਂ ਦਿੱਤੇ ਗਏ ਤੇ ਹੁਣ ਨਵੀਂ ਕਮੇਟੀ ਅੱਗੇ ਫਿਰ ਤਨਖ਼ਾਹ ਕਮਿਸ਼ਨ ਦੇ ਬਕਾਏ ਦਾ ਵੱਡਾ ਮਾਮਲਾ ਖੜ੍ਹਾ ਹੋ ਗਿਆ ਹੈ। ਇਸ ਸਬੰਧੀ ਕਈ ਅਧਿਆਪਕ ਦਿੱਲੀ ਹਾਈ ਕੋਰਟ ਵਿੱਚ ਵੀ ਪਹੁੰਚ ਕਰ ਚੁੱਕੇ ਹਨ।