’84 ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਉਪਰਾਲੇ ਜਾਰੀ: ਕਾਲਕਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਦੁਨੀਆ ਦਾ ਇੱਕੋ-ਇਕ ਕਤਲੇਆਮ ਹੈ, ਜਿਸ ਵਿੱਚ ਸਿਰਫ਼ ਇੱਕ ਧਰਮ ਦੇ ਨਿਹੱਥੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ। ਮਾਸੂਮ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੇ ਭੈਣਾਂ ਤੱਕ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਦਾ ਹੋਰ ਵੀ ਦੁਖਦਾਈ ਪਹਿਲੂ ਇਹ ਰਿਹਾ ਕਿ ਕਤਲੇਆਮ ਤੋਂ ਬਾਅਦ ਸਮੇਂ ਦੇ ਹਾਕਮਾਂ ਨੇ ਕਤਲੇਆਮ ਨੂੰ ਜਾਇਜ਼ ਠਹਿਰਾਇਆ ਤੇ ਆਖਿਆ ਕਿ ਜਦੋਂ ਕੋਈ ਵੱਡਾ ਰੁਖ਼ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੀ ਵੱਡੀ ਤਰਾਸਦੀ ਰਹੀ ਕਿ ਕਤਲੇਆਮ ਤੋਂ ਬਾਅਦ ਤਕਰੀਬਨ 30 ਸਾਲ ਤੱਕ ਦਿੱਲੀ ਗੁਰਦੁਆਰਾ ਕਮੇਟੀ ’ਤੇ ਕਾਬਜ਼ ਰਹੇ ਸਰਨਾ ਭਰਾਵਾਂ ਨੇ ਸਿੱਖ ਕੌਮ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਕਤਲੇਆਮ ਵਿੱਚ ਸ਼ਾਮਲ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਤੇ ਗਾਂਧੀ ਪਰਿਵਾਰ ਨੂੰ ਸਮੇਂ-ਸਮੇਂ ’ਤੇ ਸਨਮਾਨਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ 1984 ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕਈ ਉਪਰਾਲੇ ਕਰ ਰਹੀ ਹੈ।
