ਨਵੀਂ ਦਿੱਲੀ, 6 ਜੁਲਾਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮਾਹਿਰਾਂ ਅਤੇ ਸਲਾਹਕਾਰਾਂ ਦੀਆਂ ਸੇਵਾਵਾਂ ਨੂੰ ਖਤਮ ਕਰਨ ਦੇ ਕਦਮ ਨਾਲ ਦਿੱਲੀ ਸਰਕਾਰ ਤੇ ਉਸ ਦੀਆਂ ਸੇਵਾਵਾਂ ਦਾ ‘ਪੂਰੀ ਤਰ੍ਹਾਂ ਦਮ ਘੁੱਟ’ ਜਾਵੇਗਾ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਹਾਲ ਹੀ ਵਿੱਚ ਕੇਜਰੀਵਾਲ ਸਰਕਾਰ ਦੁਆਰਾ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਕੀਤੇ ਗਏ ਕਰੀਬ 400 ‘ਮਾਹਿਰਾਂ’ ਦੀਆਂ ਸੇਵਾਵਾਂ ਨੂੰ ਖਤਮ ਕਰ ਦਿੱਤਾ ਸੀ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਸੁਪਰੀਮ ਕੋਰਟ ਇਸ ਹੁਕਮ ਨੂੰ ਰੱਦ ਕਰੇਗੀ। ਇਸ ਤੋਂ ਬਾਅਦ ਦਿੱਲੀ ਸੇਵਾ ਵਿਭਾਗ ਨੇ ਸਰਕਾਰ ਅਧੀਨ ਸਾਰੇ ਵਿਭਾਗਾਂ, ਬੋਰਡਾਂ, ਕਮਿਸ਼ਨਾਂ ਅਤੇ ਖੁਦਮੁਖਤਿਆਰ ਸੰਸਥਾਵਾਂ ਨੂੰ ਪੱਤਰ ਲਿਖ ਕੇ ਉਪ ਰਾਜਪਾਲ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਨੂੰ ਮਾਹਿਰ ਜਾਂ ਸਲਾਹਕਾਰ ਵਜੋਂ ਨਿਯੁਕਤ ਕਰਨ ਤੋਂ ਰੋਕਣ ਲਈ ਕਿਹਾ ਹੈ।