ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿੱਚ ਸਮਾਗਮ
ਇਥੇ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਵਿੱਚ ਨਵੇਂ ਅਕਾਦਮਿਕ ਵਰ੍ਹੇ 2025-2026 ਦਾ ਓਰੀਐਂਟੇਸ਼ਨ ਪ੍ਰੋਗਰਾਮ ਮਾਸਟਰ ਤਾਰਾ ਸਿੰਘ ਆਡੀਟੋਰੀਅਮ ਵਿੱਚ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਪ੍ਰੋ. ਗੁਰਮੋਹਿੰਦਰ ਸਿੰਘ ਨੇ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਇਹ ਕਾਲਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸਮਰਪਿਤ ਹੋਣ ਕਰਕੇ ਕਾਲਜ ਦੇ ਚੇਅਰਮੈਨ ਪਦਮ ਭੂਸ਼ਣ ਤਰਲੋਚਨ ਸਿੰਘ ਨੇ ਗੁਰੂ ਸਾਹਿਬ ਦੀ ਸ਼ਹਾਦਤ ਤੇ ਸਿਧਾਂਤਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਗੁਰੂ ਸਾਹਿਬਾਨ ਵੱਲੋਂ ਦਰਸਾਏ ਜੀਵਨ-ਜਾਚ ਨਾਲ ਜੁੜਨ ਲਈ ਪ੍ਰੇਰਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਪ੍ਰੇਮ ਪ੍ਰਕਾਸ਼ (ਚੇਅਰਮੈਨ, ਏਐੱਨਆਈ) ਨੇ ਆਪਣੇ ਜੀਵਨ ਸੰਘਰਸ਼ ਬਾਰੇ ਵਿਦਿਆਰਥੀਆਂ ਨਾਲ ਸਾਂਝ ਪਾਉਂਦੇ ਹੋਏ ਦੱਸਿਆ ਕਿ ਕਿਵੇਂ ਭਾਰਤ ਦੇ ਗੁਆਂਢੀ ਦੇਸ਼ਾਂ ਨਾਲ ਹੋਈਆਂ ਜੰਗਾਂ ਦੇ ਅੱਖੀਂ ਡਿੱਠੇ ਹਾਲਾਤ ਨੂੰ ਉਨ੍ਹਾਂ ਨੇ ਆਪਣੀ ਪੱਤਰਕਾਰੀ ਰਾਹੀਂ ਦੇਸ਼ ਵਿਦੇਸ਼ ਦੇ ਲੋਕਾਂ ਤੱਕ ਪਹੁੰਚਾਇਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਨੇ ਕਾਲਜ ਦੇ ਇਤਿਹਾਸ ਅਤੇ ਮਹੱਤਵ ਬਾਰੇ ਵਿਚਾਰ ਪੇਸ਼ ਕੀਤੇ। ਇੰਦਰਪ੍ਰੀਤ ਸਿੰਘ ਕੋਚਰ ਨੇ ਕਾਲਜ ਨੂੰ ਸਿੱਖਿਆ ਤੇ ਸਫ਼ਲਤਾ ਦਾ ਕੇਂਦਰ ਦੱਸਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਵਿਦਿਆਰਥੀਆਂ ਤੇ ਸਟਾਫ਼ ਦੀ ਜ਼ਰੂਰਤਾਂ ਨੂੰ ਪੂਰਾ ਕਰਨ ਨੂੰ ਪਹਿਲ ਦਿੱਤੀ ਜਾਵੇਗੀ।