ਲਾਲ ਕਿਲਾ ਮੈਦਾਨ ’ਤੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ
ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲਾ ਮੈਦਾਨ ’ਤੇ ਬੀਤੇ ਤਿੰਨ ਦਿਨਾਂ ਤੋਂ ਚੱਲ ਰਿਹਾ ਸਮਾਗਮ ਅੱਜ ਸਮਾਪਤ ਹੋ ਗਿਆ। ਸਮਾਪਤੀ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐੱਸ ਜੀ ਐੱਮ ਸੀ) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਬੀਤੀ ਰਾਤ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ ਸੀ। ਇਸ ਤੋਂ ਇਲਾਵਾ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਆਪਣੀ ਪੂਰੀ ਕੈਬਨਿਟ ਸਮੇਤ ਨਤਮਸਤਕ ਹੋਈ। ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਸਮਾਗਮ ਵਿੱਚ ਸ਼ਾਮਲ ਹੋ ਕੇ ਸੰਗਤ ਨਾਲ ਸਿਮਰਨ ਕੀਤਾ ਅਤੇ ਗੁਰਬਾਣੀ ਸਰਵਣ ਕੀਤੀ। ਵੱਖ-ਵੱਖ ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ ਮਨੁੱਖਤਾ ਅਤੇ ਧਰਮ ਦੀ ਰਾਖੀ ਲਈ ਸਦਾ ਅਮਰ ਰਹੇਗੀ।
ਤਿੰਨ ਦਿਨ ਚੱਲੇ ਇਨ੍ਹਾਂ ਸਮਾਗਮਾਂ ਵਿੱਚ ਦਿੱਲੀ ਅਤੇ ਆਸ-ਪਾਸ ਦੀ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਦੇ ਅਖੀਰਲੇ ਦਿਨ ਸੰਗਤ ਵੱਲੋਂ ਕੀਤੇ ਗਏ ਸਹਿਜ ਪਾਠਾਂ ਦੇ ਸਮੂਹਿਕ ਭੋਗ ਪਾਏ ਗਏ, ਜੋ ਕਿ ਵਿਸ਼ਵ ਭਰ ਵਿੱਚ ਵਸਦੀ ਸਿੱਖ ਸੰਗਤ ਦੇ ਸਹਿਯੋਗ ਨਾਲ ਮੁਕੰਮਲ ਹੋਏ ਸਨ। ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਲਗਾਈ ਗਈ ਚਿੱਤਰ ਪ੍ਰਦਰਸ਼ਨੀ ਅਤੇ ਮਲਟੀ-ਮੀਡੀਆ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਅਤੇ ਸ਼ਹਾਦਤ ਦੇ ਇਤਿਹਾਸ ਨੂੰ ਰੂਪਮਾਨ ਕੀਤਾ ਗਿਆ, ਜਿਸ ਨੂੰ ਦੇਖ ਕੇ ਸੰਗਤ ਭਾਵੁਕ ਹੋ ਗਈ। ਕਾਲਕਾ ਨੇ ਦੱਸਿਆ ਕਿ ਦਿੱਲੀ ਕਮੇਟੀ ਅਤੇ ਦਿੱਲੀ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਇਸ ਸਮਾਗਮ ਦੌਰਾਨ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ ਤਾਂ ਜੋ ਗੁਰੂ ਸਾਹਿਬ ਦੇ ਸੰਦੇਸ਼ ਅਤੇ ਸਿੱਖ ਵਿਰਾਸਤ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਸਮਾਗਮ ਦੀ ਸਮਾਪਤੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਕੀਰਤਨ ਨਾਲ ਹੋਈ।
