ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਅਗਸਤ
ਭਾਰਤੀ ਜਨਤਾ ਪਾਰਟੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਕਥਿਤ ਆਬਕਾਰੀ ਨੀਤੀ ‘ਘੁਟਾਲੇ’ ਦਾ ‘ਮੁੱਖ ਸਾਜ਼ਿਸ਼ਘਾੜਾ’ ਹੋਣ ਦਾ ਦੋਸ਼ ਲਾਇਆ ਤੇ ਕਿਹਾ ਕਿ ਭ੍ਰਿਸ਼ਟਾਚਾਰ ਦੀਆਂ ਗੱਠਾਂ ਖੁੱਲ੍ਹਣ ਦੇ ਨਾਲ ਹੀ ਹਥਕੜੀ ਉਨ੍ਹਾਂ ਦੇ ਕੋਲ ਆ ਰਹੀ ਹੈ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਕੌਮੀ ਬੁਲਾਰੇ ਗੌਰਵ ਭਾਟੀਆ ਨੇ ਦੋਸ਼ ਲਾਇਆ ਕਿ ਜਦੋਂ ਕੋਵਿਡ-19 ਪ੍ਰਭਾਵਿਤ ਲੋਕਾਂ ਨੂੰ ਜ਼ਰੂਰਤ ਸੀ ਤਾਂ ਕੇਜਰੀਵਾਲ ਭ੍ਰਿਸ਼ਟਾਚਾਰ ਵਿੱਚ ਰੁੱਝੇ ਹੋਏ ਸਨ। ਇਸ ਦੌਰਾਨ ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ, ‘ਦਿੱਲੀ ਦੀ ਆਬਕਾਰੀ ਨੀਤੀ ਭ੍ਰਿਸ਼ਟ ਸਾਬਤ ਹੋਈ ਹੈ। ਅਰਵਿੰਦ ਕੇਜਰੀਵਾਲ ਇਸ ਪੂਰੇ ਘੁਟਾਲੇ ਦੇ ਮੁੱਖ ਸਾਜ਼ਿਸ਼ਕਰਤਾ ਹਨ’’। ਗੌਰਵ ਭਾਟੀਆ ਨੇ ਕੇਜਰੀਵਾਲ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਕੇਜਰੀਵਾਲ 24 ਘੰਟਿਆਂ ਦੇ ਅੰਦਰ ਦੱਸਣ ਕਿ ਉਨ੍ਹਾਂ ਨੇ ਆਬਕਾਰੀ ਨੀਤੀ ਕਿਉਂ ਵਾਪਸ ਲਈ।
ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਦੇ ਮੰਤਰੀਆਂ ਤੋਂ ਆਬਕਾਰੀ ਨੀਤੀ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਸਵਾਲ ਕੀਤੇ ਜਾਂਦੇ ਹਨ ਤਾਂ ਜਵਾਬ ਮਿਲਦਾ ਹੈ ਕਿ ਵਿਦੇਸ਼ੀ ਅਖਬਾਰਾਂ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਦੀ ਸ਼ਲਾਘਾ ਹੋ ਰਹੀ ਹੈ, ਪਰ ਅਸਲੀਅਤ ਇਹ ਹੈ ਕਿ ਆਮ ਆਦਮੀ ਪਾਰਟੀ ਅੱਜ ਲੋਕਾਂ ਲਈ ਸਰਾਪ ਸਾਬਤ ਹੋਈ ਹੈ। ਜੇਕਰ ਕੇਜਰੀਵਾਲ ਵਿੱਚ ਕੋਈ ਨੈਤਿਕਤਾ ਰਹਿ ਗਈ ਹੈ ਤਾਂ ਉਹ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਨੂੰ ਤੁਰੰਤ ਮੰਤਰੀ ਅਹੁਦਿਆਂ ਤੋਂ ਬਰਖਾਸਤ ਕਰਨ। ਭਾਟੀਆ ਨੇ ਕਿਹਾ ਕਿ ਜਦੋਂ ਕੋਵਿਡ-19 ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦਾ ਵੇਲਾ ਸੀ, ਉਦੋਂ ਕੇਜਰੀਵਾਲ ਆਬਕਾਰੀ ਨੀਤੀ ’ਤੇ ਦਸਤਖਤ ਕਰਕੇ ਭ੍ਰਿਸ਼ਟਾਚਾਰ ਵਿੱਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ, ‘‘ਆਬਕਾਰੀ ਨੀਤੀ ਘੁਟਾਲੇ ਦੀਆਂ ਜੜ੍ਹਾਂ ਕੇਜਰੀਵਾਲ ਦੇ ਦਰਵਾਜ਼ੇ ਤੱਕ ਜਾਂਦੀਆਂ ਹਨ। ਕੋਈ ਵੀ ਕਾਨੂੰਨ ਤੋਂ ਉਪਰ ਨਹੀਂ ਹੈ ਤੇ ਕਿਸੇ ਵੀ ਭ੍ਰਿਸ਼ਟ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।’’
‘ਆਪ’ ਦੇ ਦਾਅਵੇ ’ਤੇ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕੇਜਰੀਵਾਲ ਬਨਾਮ ਪ੍ਰਧਾਨ ਮੰਤਰੀ ਮੋਦੀ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ ਬਾਰੇ ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਗੋਆ ਚੋਣਾਂ ਵਿੱਚ ਕੀ ਹੋਇਆ ਹੈ।
ਉਨ੍ਹਾਂ ਕਿਹਾ ਕਿ ਜਨਤਾ ‘ਆਪ’ ਨੂੰ ਜਵਾਬ ਦੇਵੇਗੀ। ਆਦੇਸ਼ ਗੁਪਤਾ ਨੇ ਕਿਹਾ ਕਿ ਆਜ਼ਾਦ ਭਾਰਤ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਇੱਕੋ ਮੰਤਰੀ ਸਿੱਖਿਆ ਵਿਭਾਗ ਦੇ ਨਾਲ-ਨਾਲ ਆਬਕਾਰੀ ਵਿਭਾਗ ਵੀ ਸੰਭਾਲਦਾ ਹੈ। ਇਹ ਉਹੀ ਕੇਜਰੀਵਾਲ ਹਨ ਜੋ ਕਹਿੰਦੇ ਸੀ ਕਿ ਜੇਕਰ ਕਿਸੇ ਮੰਤਰੀ ਜਾਂ ਨੇਤਾ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਹੀ ਲੱਗੇ ਤਾਂ ਉਸ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰ ਦਿੱਤਾ ਜਾਵੇਗਾ ਪਰ ਆਖਿਰ ਕਿਹੜੀ ਮਜਬੂਰੀ ਹੈ ਕਿ ਸਤੇਂਦਰ ਜੈਨ ਦੇ ਜੇਲ ਜਾਣ ਤੋਂ ਬਾਅਦ ਵੀ ਕੇਜਰੀਵਾਲ ਨੂੰ ਹਟਾ ਨਹੀਂ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿੱਚ ਆਬਕਾਰੀ ਨੀਤੀ ਨੂੰ ਲੈ ਕੇ ਜਿਸ ਤਰ੍ਹਾਂ ਜਨਤਾ ਦੇ ਪੈਸੇ ਦੀ ਲੁੱਟ ਕੀਤੀ ਗਈ, ਉਸ ਲੁੱਟ ਵਿੱਚ ਮਨੀਸ਼ ਸਿਸੋਦੀਆ ਦੇ ਨਾਲ ਕੇਜਰੀਵਾਲ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 2021-22 ਦੇ ਸਿਲਸਿਲੇ ਵਿੱਚ ਸੀਬੀਆਈ ਨੇ ਸ਼ੁੱਕਰਵਾਰ ਨੂੰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਣੇ 31 ਟਿਕਾਣਿਆਂ ’ਤੇ ਛਾਪੇ ਮਾਰੇ ਸਨ।