ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 9 ਸਤੰਬਰ
ਭਾਰਤੀ ਜਨਤਾ ਪਾਰਟੀ ਦੀ ਦਿੱਲੀ ਇਕਾਈ ਵੱਲੋਂ ਅੱਜ ਇੱਥੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਮੰਤਰੀਆਂ ਦੀਆਂ ਰਿਹਾਇਸ਼ਾਂ ਨੇੜੇ ਝੁੱਗੀ-ਝੋਂਪੜੀ ਵਾਲਿਆਂ, ਆਟੋ ਰਿਕਸ਼ਾ ਚਾਲਕਾਂ ਤੇ ਬਜ਼ੁਰਗਾਂ ਦੇ ਪ੍ਰਦਰਸ਼ਨ ਦੀ ਅਗਵਾਈ ਕੀਤੀ ਗਈ ਅਤੇ ਕਥਿਤ ਸ਼ਰਾਬ ਘੁਟਾਲੇ ਨੂੰ ਲੈ ਕੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਬਰਖਾਸਤਗੀ ਦੀ ਮੰਗ ਕੀਤੀ।
ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਲੋਕ ਭਾਜਪਾ ਦੇ ਨਾਲ ਹਨ ਕਿਉਂਕਿ ਜਨਤਾ ਦੇ ਪੈਸੇ ਦੀ ਕੀਮਤ ’ਤੇ ਸ਼ਰਾਬ ਮਾਫੀਆ ਨੂੰ ਫਾਇਦਾ ਪਹੁੰਚਾਉਣ ਵਾਲੇ ‘ਆਬਕਾਰੀ ਘੁਟਾਲੇ’ ਦਾ ਪਰਦਾਫਾਸ਼ ਹੋ ਗਿਆ ਹੈ। ਸ੍ਰੀ ਗੁਪਤਾ ਨੇ ਸਿਸੋਦੀਆ ਦੀ ਮਥੁਰਾ ਰੋਡ ’ਤੇ ਸਥਿਤ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਰਕਾਰ ਜਵਾਬਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਜਦੋਂ ਤੱਕ ਸ੍ਰੀ ਸਿਸੋਦੀਆ ਨੂੰ ਹਟਾਇਆ ਨਹੀਂ ਜਾਂਦਾ, ਉਦੋਂ ਤੱਕ ਭਾਜਪਾ ਆਰਾਮ ਨਹੀਂ ਕਰੇਗੀ। ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਅਤੇ ਭਾਜਪਾ ਦਿੱਲੀ ਇਕਾਈ ਦੇ ਜਨਰਲ ਸਕੱਤਰ ਦਿਨੇਸ਼ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ।
ਉੱਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਦੱਖਣੀ ਰਾਜਾਂ ਦੇ ਪਾਰਟੀ ਵਰਕਰਾਂ ਤੋਂ ਇਲਾਵਾ ਝੁੱਗੀ-ਝੋਂਪੜੀ ਵਾਲਿਆਂ, ਆਟੋ ਰਿਕਸ਼ਾ ਚਾਲਕਾਂ, ਸੀਨੀਅਰ ਨਾਗਰਿਕਾਂ ਦੀ ਨੁਮਾਇੰਦਗੀ ਕਰਨ ਵਾਲੇ ਭਾਜਪਾ ਦੀ ਦਿੱਲੀ ਇਕਾਈ ਦੇ ਵੱਖ-ਵੱਖ ਸੈੱਲਾਂ ਨੇ ‘ਆਪ’ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਜਾਂਚ ਏਜੰਸੀ ਦੇ ਛਾਪਿਆਂ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਕਿਹਾ ਸੀ, ‘‘ਲੁਕਾਉਣ ਲਈ ਕੁਝ ਨਹੀਂ ਮੈਂ ਇਮਾਨਦਾਰੀ ਨਾਲ ਕਮ ਕੀਤਾ।’ ਕੇਂਦਰੀ ਜਾਂਚ ਬਿਊਰੋ ਜੋ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਕਰ ਰਹੀ ਹੈ, ਨੇ ਆਪਣੀ ਐੱਫਆਈਆਰ ਵਿੱਚ ਸ੍ਰੀ ਸਿਸੋਦੀਆ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਕੇਜਰੀਵਾਲ ਤੇ ਸਿਸੋਦੀਆ ਸਮੇਤ ਹੋਰ ‘ਆਪ’ ਆਗੂਆਂ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦੇਣ ਵਾਲੇ ਕੇਜਰੀਵਾਲ ਦੇ ਉਭਾਰ ਤੋਂ ਪ੍ਰੇਸ਼ਾਨ ਭਾਜਪਾ ਦਿੱਲੀ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ।