ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਅਕਤੂਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਟਿਕਰੀ ਬਾਰਡਰ ’ਤੇ ਕਿਸਾਨਾਂ ਦਾ ਮੋਰਚਾ ਲਗਾਤਾਰ ਜਾਰੀ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਅਤੇ ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੀ ਲੁੱਟ ਦਾ ਦੌਰ ਲੰਮੇ ਸਮੇਂ ਤੋਂ ਚੱਲ ਰਿਹਾ ਹੈ। ਪਹਿਲਾਂ ਅੰਗਰੇਜ਼ੀ ਸਾਮਰਾਜ ਨੇ ਭਾਰਤ ਦੇ ਵਿੱਚ ਦੋ ਸੌ ਸਾਲ ਰਾਜ ਕਰਕੇ ਭਾਰਤ ਦੇ ਅਮੀਰ ਖ਼ਜ਼ਾਨਿਆਂ ਨੂੰ ਲੁੱਟਿਆ ਤੇ ਹੁਣ ਮੌਜੂਦਾ ਸਰਕਾਰ ਦੇਸ਼ ਨੂੰ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਹਾਲਾਤ ਪਹਿਲਾਂ ਨਾਲੋਂ ਵੀ ਨਾਜ਼ੁਕ ਹਨ ਕਿਉਂਕਿ ਖੇਤੀ ਲਾਗਤ ਖਰਚੇ ਵਧਣ ਕਰਕੇ ਕਿਸਾਨੀ ਕਰਜ਼ੇ ਦੀ ਦਲਦਲ ਵਿੱਚ ਫਸੀ ਹੋਈ ਹੈ। ਕੇਂਦਰ ਦੀ ਭਾਜਪਾ ਹਕੂਮਤ ਨੇ ਤਿੰਨ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਕਾਰਪੋਰੇਟਾਂ ਦੇ ਦੈਂਤ ਰੂਪੀ ਮੂੰਹ ਵੱਲ ਧੱਕ ਰਹੀ ਹੈ।
ਪਟਿਆਲਾ ਜ਼ਿਲ੍ਹੇ ਦੇ ਆਗੂ ਬਲਕਾਰ ਸਿੰਘ ਤਰੌੜਾ ਅਤੇ ਮਾਨਸਾ ਜ਼ਿਲ੍ਹੇ ਤੋਂ ਡਾ. ਮੇਘਾ ਸਿੰਘ ਬਾਜੇਵਾਲਾ ਨੇ ਕਿਹਾ ਕਿ ਮਾਲਵਾ ਪੱਟੀ ਦੀ ਨਰਮਾ ਬੈਲਟ ਦੇ ਜ਼ਿਲ੍ਹਿਆਂ ਵਿੱਚ ਗੁਲਾਬੀ ਸੁੰਡੀ ਦੇ ਕਹਿਰ ਨੇ ਨਰਮੇ ਦੀ ਫਸਲ ਦਾ ਤਕਰੀਬਨ ਸੌ ਫੀਸਦ ਨੁਕਸਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ੇ ਲਈ ਕਿਸਾਨਾਂ ਨੇ ਅੱਜ ਜ਼ਿਲ੍ਹਾ ਬਠਿੰਡਾ ਦੇ ਮਿਨੀ ਸਕੱਤਰੇਤ ਨੂੰ ਘੇਰਿਆ, ਪਰ ਪੰਜਾਬ ਸਰਕਾਰ ਨੇ ਮੁਆਵਜ਼ੇ ਸਬੰਧੀ ਅਜੇ ਤੱਕ ਮੂੰਹ ਨਹੀਂ ਖੋਲ੍ਹਿਆ, ਜੋ ਧੱਕੇਸ਼ਾਹੀ ਹੈ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪੀੜਤ ਕਿਸਾਨਾਂ ਮਜ਼ਦੂਰਾਂ ਦੀ ਬਾਂਹ ਫੜੇ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ।