ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ 17 ਮਾਰਚ
ਛੱਬੀ ਨਵੰਬਰ ਤੋਂ ਖੇਤੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਮੋਰਚੇ ਵਿੱਚ ਬੈਠੇ ਕਿਸਾਨਾਂ ਨੇ ਪਹਿਲਾਂ ਸਰਦੀ ਦੇ ਮੌਸਮ ਵਿੱਚ ਕੜਾਕੇ ਦੀ ਠੰਢ ਅਤੇ ਮੀਂਹ ਹਨੇਰੀਆਂ ਆਪਣੇ ਪਿੰਡੇ ’ਤੇ ਝੱਲੀਆਂ ਅਤੇ ਹੁਣ ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ ਗਰਮੀ ਅਤੇ ਮੱਛਰ ਨੇ ਕਿਸਾਨਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਸਰਦੀਆਂ ਵਿੱਚ ਪਹਿਲਾਂ ਕਿਸਾਨਾਂ ਨੇ ਟਰਾਲੀਆਂ ਵਿੱਚ ਆਪਣੇ ਆਰਜ਼ੀ ਘਰ ਬਣਾ ਕੇ ਸੰਘਰਸ਼ ਜਾਰੀ ਰੱਖਿਆ ਅਤੇ ਹੁਣ ਗਰਮੀ ਦੇ ਮੌਸਮ ਵਿੱਚ ਗਰਮੀ ਅਤੇ ਮੱਛਰਾਂ ਤੋਂ ਬਚਣ ਲਈ ਲੱਕੜ ਦੇ ਆਰਜ਼ੀ ਘਰ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਅੱਜ ਟਿਕਰੀ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਿਸਾਨ ਮੋਰਚੇ ਵਿੱਚ ਉਹ ਖਾਣ, ਪੀਣ ਦੀਆਂ ਲੋੜਾਂ ਲਈ ਸੰਘਰਸ਼ ਕਰ ਰਹੇ ਹਨ ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਕੱਲ੍ਹ ਜਦੋਂ ਕਿਸਾਨ ਆਪਣੇ ਪੀਣ ਅਤੇ ਵਰਤਣ ਲਈ ਧਰਤੀ ਵਿੱਚ ਪਾਣੀ ਦੀ ਮੋਟਰ ਲਾ ਰਹੇ ਸਨ ਤਾਂ ਹਰਿਆਣਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।ਉਨ੍ਹਾਂ ਕਿਹਾ ਕਿ ਰਹਿਣ ਲਈ ਘਰ, ਖਾਣ ਲਈ ਰੋਟੀ ਅਤੇ ਪੀਣ ਲਈ ਪਾਣੀ ਮਨੁੱਖ ਦਾ ਮੁੱਢਲਾ ਅਧਿਕਾਰ ਹੈ ਜੋ ਕਿ ਸਰਕਾਰ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਮੋਰਚੇ ’ਚ ਬੈਠੇ ਕਿਸਾਨਾਂ ਲਈ ਪ੍ਰਬੰਧ ਕਰਨਾ ਜ਼ਰੂਰੀ ਬਣਦਾ ਹੈ ਪਰ ਹਰਿਆਣਾ ਦੀ ਭਾਜਪਾ ਸਰਕਾਰ ਨਿੱਜੀ ਤੇ ਸਰਕਾਰੀ ਜਾਇਦਾਦ ਭੰਨਤੋੜ ਰੋਕੂ ਕਾਨੂੰਨ ਤਹਿਤ ਕਿਸਾਨਾਂ ਨੂੰ ਉਲਝਾਉਣਾ ਚਾਹੁੰਦੀ ਹੈ। ਉਨ੍ਹਾਂ ਭਾਜਪਾ ਸਰਕਾਰ ਦੇ ਇਸ ਰਵੱਈਏ ਦੀ ਨਿਖੇਧੀ ਕੀਤੀ। ਜਸਵੰਤ ਸਿੰਘ ਤੋਲਾਵਾਲ ਬਲਾਕ ਸੁਨਾਮ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਨੌਜਵਾਨਾਂ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿੱਚ ਵੱਧ ਤੋਂ ਵੱਧ ਦਿੱਲੀ ਮੋਰਚੇ ਵਿੱਚ ਪਹੁੰਚਣ। ਅੱਜ ਦੇ ਇਕੱਠ ਨੂੰ ਜਗਦੇਵ ਸਿੰਘ ਜੋਗੇਵਾਲਾ,ਜਗਤਾਰ ਸਿੰਘ ਭਵਾਨੀਗੜ੍ਹ, ਸੁਰਜੀਤ ਸਿੰਘ ਸਿਰਸਾ, ਸੁਖਵੰਤ ਸਿੰਘ ਵਲਟੋਹਾ, ਹਰਦੇਵ ਸਿੰਘ ਘੱਗਾ ਅਤੇ ਰੀਨਾ ਨੇ ਵੀ ਸੰਬੋਧਨ ਕੀਤਾ।