ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਨਵੰਬਰ
ਦਿੱਲੀ-ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਹੱਦ ’ਤੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ 29 ਨਵੰਬਰ ਨੂੰ 500 ਦੇ ਕਰੀਬ ਕਿਸਾਨ 30 ਟਰੈਕਟਰਾਂ ’ਤੇ ਉੱਤਰ ਪ੍ਰਦੇਸ਼ ਤੋਂ ਦਿੱਲੀ ਪੁੱਜਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਵੇਰਵਿਆਂ ਦਾ ਖੁਲਾਸਾ 26 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਮਗਰੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨ ਬਣਾਉਣ ਤੇ ਸ਼ਹੀਦ 750 ਕਿਸਾਨਾਂ ਲਈ ਮੁਆਵਜ਼ਾ ਦੇਣ ਸਮੇਤ ਹੋਰ ਮੰਗਾਂ ਜੇਕਰ ਸਰਕਾਰ ਮੰਨ ਲੈਂਦੀ ਹੈ ਤਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਧਰਨੇ ਸਮਾਪਤ ਕਰਕੇ ਘਰਾਂ ਨੂੰ ਪਰਤ ਜਾਣਗੇ। ਸ੍ਰੀ ਟਿਕੈਤ ਨੇ ਸੁਪਰੀਮ ਕੋਰਟ ਦੇ ਪੈਨਲ ਮੈਂਬਰ ਅਨਿਲ ਘਣਵਤ ਦੀ ਵੀ ਸਖ਼ਤ ਆਲੋਚਨਾ ਕੀਤੀ, ਜਿਨ੍ਹਾਂ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਇੱਕ ਲੱਖ ਲੋਕਾਂ ਨੂੰ ਦਿੱਲੀ ਲਿਆਉਣ ਦੀ ਗੱਲ ਆਖੀ ਹੈ।