ਕੇਂਦਰ ਖ਼ਿਲਾਫ਼ ਧਰਨਾ ਦੇਣਗੇ ਕਿਸਾਨ
ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ ਨੇ 26 ਨਵੰਬਰ ਨੂੰ ਸੂਬਾ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ। ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ 26 ਨਵੰਬਰ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਮਜ਼ਦੂਰਾਂ ਅਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਬਾਰੇ ਚਰਚਾ ਕੀਤੀ ਗਈ। ਇਸ ਬਾਰੇ ਮੋਰਚੇ ਦੇ ਆਗੂਆਂ ਵੱਲੋਂ 19 ਨਵੰਬਰ ਨੂੰ ਆਨਲਾਈਨ ਪ੍ਰੈੱਸ ਕਾਨਫਰੰਸ ਕਰ ਕੇ ਟਰੇਡ ਯੂਨੀਅਨਾਂ ਅਤੇ ਕਿਸਾਨਾਂ ਨੂੰ ਅਗਲਾ ਪ੍ਰੋਗਰਾਮ ਦਿੱਤਾ ਜਾਵੇਗਾ। ਕਿਸਾਨ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਦੱਸਿਆ ਕਿ ਭਲਕੇ ਦੀ ਪ੍ਰੈੱਸ ਕਾਨਫਰੰਸ ਦੌਰਾਨ ਦੇਸ਼ ਭਰ ਤੋਂ ਕਿਸਾਨ ਆਗੂ ਸ਼ਾਮਲ ਹੋਣਗੇ। ਅੱਜ ਦੀ ਬੈਠਕ ਵਿੱਚ ਦਿੱਲੀ ਵਿੱਚ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਸਾਂਝੀ ਮੀਟਿੰਗ ਵਿੱਚ ਕਾਰਪੋਰੇਟ-ਪੱਖੀ, ਮਜ਼ਦੂਰ-ਵਿਰੋਧੀ ਅਤੇ ਕਿਸਾਨ-ਵਿਰੋਧੀ ਨੀਤੀਆਂ ਨੂੰ ਚੁਣੌਤੀ ਦੇਣ ਲਈ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਤਾਲਮੇਲ, ਸੰਗਠਿਤ ਤੇ ਇਕਜੁੱਟ ਕਾਰਵਾਈ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ। ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਮੰਗਾਂ ਲਈ 26 ਨਵੰਬਰ ਨੂੰ ਸਾਰੇ ਸੂਬਿਆਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪ੍ਰਦਰਸ਼ਨ ਕਰਨ ਦਾ ਸੱਦਾ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਕਿਸਾਨ ਅਤੇ ਮਜ਼ਦੂਰ ਆਪਣੀਆਂ ਮੰਗਾਂ ਲਈ ਦਬਾਅ ਪਾਉਣ ਵਾਸਤੇ ਰਾਜ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਇਕੱਠੇ ਹੋ ਕੇ ਪ੍ਰਦਰਸ਼ਨ ਕਰਨਗੇ। ਮੁੱਖ ਮੰਗਾਂ ਵਿੱਚ ਘੱਟੋ-ਘੱਟ ਕੀਮਤ ਦੀ ਕਾਨੂੰਨੀ ਗਾਰੰਟੀ, ਫ਼ਸਲ ਬੀਮਾ ਯੋਜਨਾ ਲਾਗੂ ਕਰਨਾ, ਜ਼ਬਰਦਸਤੀ ਜ਼ਮੀਨ ਗ੍ਰਹਿਣ ’ਤੇ ਪਾਬੰਦੀ, ਬਿਜਲੀ (ਸੋਧ) ਬਿੱਲ 2025 ਨੂੰ ਵਾਪਸ ਲੈਣਾ, ਕਿਰਤ ਨੀਤੀ ਅਤੇ ਚਾਰ ਕਿਰਤ ਕੋਡਾਂ ਨੂੰ ਰੱਦ ਕਰਨਾ, ਅਤੇ ਨਿੱਜੀਕਰਨ ਅਤੇ ਜਨਤਕ ਖੇਤਰ ਦੇ ਅਦਾਰਿਆਂ ਅਤੇ ਜਨਤਕ ਸੇਵਾਵਾਂ ਨੂੰ ਕਾਰਪੋਰੇਟਾਂ ਨੂੰ ਵੇਚਣ ਦੇ ਨਵੇਂ ਹਮਲਿਆਂ ਨੂੰ ਰੋਕਣਾ ਸ਼ਾਮਲ ਹੈ।
