ਪ੍ਰਧਾਨ ਮੰਤਰੀ ਨੂੰ ਸਿਹਰਾ ਦੇਣ ਦੇ ਡਰ ਤੋਂ; ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਫ਼ਸਲ ਬੀਮਾ ਯੋਜਨਾ ਤੋਂ ਬਾਹਰ ਰੱਖਿਆ: ਜਾਖੜ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਿਆ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਦੇ ਦਾਇਰੇ ਤੋਂ ਬਾਹਰ ਰੱਖ ਰਹੇ ਹਨ।
ਅੱਜ ਦਿੱਲੀ ਵਿੱਚ ਜਾਖੜ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਪ੍ਰਚਾਰ ’ਤੇ ਰਾਜ ਦੇ ਪੈਸੇ ਖਰਚ ਕਰਨ ਦੀ ਬਜਾਏ ਪ੍ਰੀਮੀਅਮ ਦਾ ਆਪਣਾ ਹਿੱਸਾ ਅਦਾ ਕਰਕੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਲਾਗੂ ਕੀਤਾ ਹੁੰਦਾ ਤਾਂ ਅੱਜ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਇਸ ਯੋਜਨਾ ਰਾਹੀਂ ਆਸਾਨੀ ਨਾਲ ਦਿੱਤਾ ਜਾ ਸਕਦਾ ਸੀ।
ਇੱਥੇ ਜਾਰੀ ਇੱਕ ਬਿਆਨ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਕੁਦਰਤੀ ਆਫ਼ਤਾਂ, ਕੀੜਿਆਂ ਜਾਂ ਬਿਮਾਰੀਆਂ ਕਾਰਨ ਹੋਏ ਨੁਕਸਾਨ ਨੂੰ ਕਵਰ ਕਰਨ ਵਾਲੀ ਇਹ ਯੋਜਨਾ 2016 ਵਿੱਚ ਸ਼ੁਰੂ ਕੀਤੀ ਗਈ ਸੀ। ਬਾਅਦ ਵਿੱਚ ਭਾਰਤ ਸਰਕਾਰ ਨੇ ਸੂਬਾ ਸਰਕਾਰਾਂ ਦੇ ਸੁਝਾਵਾਂ ਨੂੰ ਸਵੀਕਾਰ ਕਰਕੇ ਇਸ ਯੋਜਨਾ ਵਿੱਚ ਜ਼ਰੂਰੀ ਬਦਲਾਅ ਕੀਤੇ ਸਨ ਅਤੇ ਉਸ ਤੋਂ ਬਾਅਦ ਲਗਭਗ ਸਾਰੇ ਸੂਬਿਆਂ ਨੇ ਇਸਨੂੰ ਅਪਣਾਇਆ ਪਰ ਪੰਜਾਬ ਸਰਕਾਰ ਨੇ ਅਜੇ ਤੱਕ ਇਸਨੂੰ ਲਾਗੂ ਨਹੀਂ ਕੀਤਾ ਹੈ। ਸ਼ਾਇਦ ਇਸ ਡਰ ਤੋਂ ਕਿ ਇਸਦਾ ਸਿਹਰਾ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਜਾ ਸਕਦਾ ਹੈ, ਜਿਸ ਦੇ ਨਤੀਜੇ ਵਜੋਂ ਅੱਜ ਪੰਜਾਬ ਦੇ ਹਜ਼ਾਰਾਂ ਕਿਸਾਨ ਇਸਦੇ ਲਾਭਾਂ ਤੋਂ ਵਾਂਝੇ ਹਨ।
ਸੁਨੀਲ ਜਾਖੜ ਨੇ ਦੱਸਿਆ ਕਿ ਨਵੰਬਰ 2022 ਵਿੱਚਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਦਾ ਐਲਾਨ ਵੀ ਕੀਤਾ ਸੀ ਪਰ ਆਪਣੇ ਸਿਆਸੀ ਹਿੱਤਾਂ ਕਾਰਨ ਮਾਰਚ 2023 ਵਿੱਚ ਸਰਕਾਰ ਨੇ ਫਿਰ ਤੋਂ ਇਸ ਯੋਜਨਾ ਨੂੰ ਪੰਜਾਬ ਵਿੱਚ ਲਾਗੂ ਕਰਨ ਤੋਂ ਪਿੱਛੇ ਹਟ ਗਈ ਕਿਉਂਕਿ ਪ੍ਰੀਮੀਅਮ ਦਾ ਭੁਗਤਾਨ ਕਰਨ ਦੀ ਬਜਾਏ ਪ੍ਰਚਾਰ ਨੂੰ ਵਧੇਰੇ ਤਰਜੀਹ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਕਿਸਾਨ ਨੇ ਬੀਮਾ ਰਾਸ਼ੀ ਦਾ ਸਿਰਫ 2% ਭੁਗਤਾਨ ਕੀਤਾ, ਜਦੋਂ ਕਿ ਬਾਕੀ ਪ੍ਰੀਮੀਅਮ ਸੂਬਾ ਅਤੇ ਕੇਂਦਰ ਸਰਕਾਰ ਦੁਆਰਾ ਬਰਾਬਰ ਸਾਂਝਾ ਕੀਤਾ ਗਿਆ।
ਜਾਖੜ ਨੇ ਕਿਹਾ ਕਿ ਦੇਸ਼ ਭਰ ਵਿੱਚ 4 ਕਰੋੜ ਤੋਂ ਵੱਧ ਕਿਸਾਨ ਇਸ ਯੋਜਨਾ ਤੋਂ ਕੌਂਮੀ ਪੱਧਰ ’ਤੇ ਲਾਭ ਲੈ ਰਹੇ ਹਨ ਅਤੇ ਗੁਆਂਢੀ ਹਰਿਆਣਾ ਵਿੱਚ ਇੱਕ ਕਿਸਾਨ ਝੋਨੇ ਦੀ ਫਸਲ ਲਈ ਪ੍ਰਤੀ ਏਕੜ ਪ੍ਰੀਮੀਅਮ ਦੇ ਆਪਣੇ ਹਿੱਸੇ ਵਜੋਂ ਲਗਭਗ 850 ਰੁਪਏ ਅਦਾ ਕਰਦਾ ਹੈ ਅਤੇ ਲਗਭਗ 42,000 ਰੁਪਏ ਪ੍ਰਤੀ ਏਕੜ ਤੱਕ ਦਾ ਬੀਮਾ ਕਵਰੇਜ ਪ੍ਰਾਪਤ ਕਰੇਗਾ।
ਬੀਮਿਤ ਕਿਸਾਨਾਂ ਦੁਆਰਾ ਅਦਾ ਕੀਤੇ ਗਏ ਹਰੇਕ 100 ਰੁਪਏ ਦੇ ਪ੍ਰੀਮੀਅਮ ਲਈ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ (PMFBY) ਦੇ ਤਹਿਤ ਦਾਅਵਿਆਂ ਵਜੋਂ ਲਗਭਗ 500 ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਹੁਣ ਤੱਕ 22 ਕਰੋੜ ਤੋਂ ਵੱਧ ਕਿਸਾਨਾਂ ਨੂੰ ਇਸ ਯੋਜਨਾ ਦੇ ਤਹਿਤ 1,80,000 ਕਰੋੜ ਰੁਪਏ ਤੋਂ ਵੱਧ ਪ੍ਰਾਪਤ ਹੋਏ ਹਨ।
ਪੰਜਾਬ ਭਾਜਪਾ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੜ੍ਹ ਪ੍ਰਭਾਵਿਤ ਪੰਜਾਬ ਦੌਰੇ ਤੋਂ ਪਹਿਲਾਂ ਬੋਲਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਸੂਬੇ ਦੀ ਨਵੀਂ ਖੇਤੀਬਾੜੀ ਨੀਤੀ ਦੇ ਅਨੁਸਾਰ ਉਹ ਇੱਕ ਬੀਮਾ ਨੀਤੀ ਲਿਆਵੇਗੀ, ਪਰ ਸਰਕਾਰ ਅਜਿਹਾ ਕਰਨ ਵਿੱਚ ਅਸਫ਼ਲ ਰਹੀ ਹੈ ਅਤੇ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ ਵੀ ਲਾਗੂ ਨਹੀਂ ਕੀਤਾ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਲੋਕਾਂ ਨੂੰ ਉਮੀਦ ਸੀ ਕਿ ਸੂਬਾ ਸਰਕਾਰ ਇਸ ਯੋਜਨਾ ਨੂੰ ਜਨਤਕ ਹਿੱਤ ਵਿੱਚ ਲਾਗੂ ਕਰੇਗੀ ਪਰ ਅਜਿਹਾ ਲੱਗਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਦਿੱਲੀ ਦੇ ਆਗੂਆਂ ਨੂੰ ਖੁਸ਼ ਕਰਨ ਲਈ ਪੰਜਾਬ ਦੇ ਹਿੱਤਾਂ ਦੀ ਕੁਰਬਾਨੀ ਦੇ ਦਿੱਤੀ ਹੈ।