ਕੀਰਤੀ ਨਗਰ ਦੀ ਲੱਕੜ ਮੰਡੀ ਵਿੱਚ ਅੱਗ
ਨੌਂ ਫਾਇਰ ਟੈਂਡਰਾਂ ਨੇ ਅੱਗ ’ਤੇ ਕਾਬੂ ਪਾਇਆ; ਪੂਠ ਖੁਰਦ ਇਲਾਕੇ ’ਚ ਵੀ ਗੁਦਾਮ ਨੂੰ ਅੱਗ ਲੱਗੀ
ਦਿੱਲੀ ਵਿੱਚ ਅੱਜ ਅੱਗ ਲੱਗਣ ਦੀਆਂ ਦੋ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ ਹਨ। ਪਹਿਲੀ ਘਟਨਾ ਕੀਰਤੀ ਨਗਰ ਦੀ ਮਸ਼ਹੂਰ ਲੱਕੜ ਮੰਡੀ ਵਿੱਚ ਵਾਪਰੀ, ਜਿੱਥੇ ਸਵੇਰੇ ਅਚਾਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਇਆ। ਅਧਿਕਾਰੀਆਂ ਅਨੁਸਾਰ ਅੱਗ ਨੇ ਪਲਾਈਵੁੱਡ ਗੁਦਾਮ ਅਤੇ ਨੇੜਲੀਆਂ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸੂਚਨਾ ਮਿਲਦਿਆਂ ਹੀ ਵੱਖ-ਵੱਖ ਸਟੇਸ਼ਨਾਂ ਤੋਂ ਨੌਂ ਫਾਇਰ ਟੈਂਡਰ ਮੌਕੇ ’ਤੇ ਪੁੱਜੇ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਮਗਰੋਂ ਕੂਲਿੰਗ ਅਪਰੇਸ਼ਨ ਸ਼ੁਰੂ ਕੀਤੇ ਗਏ ਤਾਂ ਜੋ ਅੱਗ ਦੁਬਾਰਾ ਭੜਕਣ ਦਾ ਖਤਰਾ ਨਾ ਰਹੇ। ਚੰਗੀ ਖ਼ਬਰ ਇਹ ਰਹੀ ਕਿ ਇਸ ਘਟਨਾ ਵਿੱਚ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਦੂਜੀ ਘਟਨਾ ਦਿੱਲੀ ਦੇ ਪੂਠ ਖੁਰਦ ਇਲਾਕੇ ਵਿੱਚ ਵਾਪਰੀ, ਜਿੱਥੇ ਇੱਕ ਗੁਦਾਮ ਵਿੱਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸਿਜ਼ (ਡੀ ਐੱਫ ਐੱਸ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 1 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਤੁਰੰਤ ਕਾਰਵਾਈ ਕਰਦਿਆਂ 10 ਫਾਇਰ ਟੈਂਡਰਾਂ ਨੂੰ ਮੌਕੇ ’ਤੇ ਭੇਜਿਆ ਗਿਆ। ਫਾਇਰਫਾਈਟਰਜ਼ ਲਗਾਤਾਰ ਅੱਗ ਬੁਝਾਉਣ ਵਿੱਚ ਜੁਟੇ ਹੋਏ ਹਨ ਅਤੇ ਸਥਿਤੀ ਨੂੰ ਕਾਬੂ ਹੇਠ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅਧਿਕਾਰੀ ਨੇ ਦੱਸਿਆ ਕਿ ਹਾਲੇ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਇਨ੍ਹਾਂ ਦੋਵਾਂ ਘਟਨਾਵਾਂ ਨੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਫਾਇਰ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਗ ਲੱਗਣ ਦੀ ਸਥਿਤੀ ਵਿੱਚ ਤੁਰੰਤ ਸੂਚਨਾ ਦੇਣ ਅਤੇ ਸਾਵਧਾਨੀ ਵਰਤਣ।

