ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੀ ਇੱਕ ਅਦਾਲਤ ਨੇ ਇੱਥੇ ਬੁਰਾੜੀ ਟਰਾਂਸਪੋਰਟ ਅਥਾਰਟੀ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਪੰਜ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਵਿੱਚ ਆਟੋ ਪਰਮਿਟ ਕਥਿਤ ਤੌਰ ’ਤੇ ਧੋਖੇ ਨਾਲ ਤਬਦਲੀ ਕੀਤੇ ਗਏ ਸਨ ਅਤੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਸਰਕਾਰ ਨੂੰ ਚੂਨਾ ਲਾਇਆ ਗਿਆ ਸੀ। ਅਦਾਲਤ ਨੇ ਮੁਲਜ਼ਮਾਂ ਅਨਿਲ ਸੇਠੀ, ਰਵਿੰਦਰ ਕੁਮਾਰ, ਅਨੂਪ ਸ਼ਰਮਾ, ਅਜੀਤ ਕੁਮਾਰ ਅਤੇ ਦੀਪਕ ਚਾਵਲਾ ਨੂੰ ਜ਼ਮਾਨਤ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਮੁਲਜ਼ਮਾਂ ਨੂੰ ਇੰਨੇ ਲੰਬੇ ਸਮੇਂ ਤੱਕ ਨਿਆਂਇਕ ਹਿਰਾਸਤ ਵਿੱਚ ਨਹੀਂ ਰੱਖਿਆ ਜਾ ਸਕਦਾ। 29 ਜੂਨ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਮਗਰੋਂ ਉਨ੍ਹਾਂ ਨੇ ਕਾਫੀ ਸਮਾਂ ਹਿਰਾਸਤ ਵਿੱਚ ਬਿਤਾਇਆ ਸੀ। ਸ਼ਰਤਾਂ ਤਹਿਤ ਉਹ ਅਦਾਲਤ ਦੀ ਅਗਾਊਂ ਇਜਾਜ਼ਤ ਬਿਨਾਂ ਬੁਰਾੜੀ ਟਰਾਂਸਪੋਰਟ ਅਥਾਰਟੀ ਦੇ 500 ਮੀਟਰ ਦੇ ਘੇਰੇ ’ਚ ਨਹੀਂ ਆਉਣਗੇ, ਗਵਾਹ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰਨਗੇ ।